ਫਤਹਿਗੜ੍ਹ ਸਾਹਿਬ : ਬੀਤੇ ਦਿਨੀਂ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਮਾਮਲਾ ਭਖਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਿੱਖ ਸੰਗਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਉਹਨਾਂ ਵੱਲੋਂ ਬੇਅਦਬੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਵੱਖ ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ ਤੇ ਉਥੇ ਹੀ ਐਸਜੀਪੀਸੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਦੇ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਹਨਾਂ ਨੇ ਬੇਅਦਬੀ ਦੀ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਂਦੀਆਂ ਹਨ, ਜਿਸਦੇ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਜਾਂਦੇ ਹਨ।
ਰਿਆ ਨੇ ਕਿਹਾ ਕਿ ਇਹ ਬੀਤੇ ਦਿਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੋੜ ਵਿਖੇ ਇੱਕ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੂੰ ਜਦੋਂ ਪਤਾ ਲੱਗਾ ਉਹ ਮੋਰਿੰਡੇ ਵਲ ਚਲ ਪਏ ਜਦੋਂ ਪਹੁੰਚੇ ਤਾਂ ਉਥੇ ਉਸ ਨੇ ਉਸ ਵਿਅਕਤੀ ਨੂੰ ਕਾਬੂ ਕੀਤਾ ਹੋਇਆ ਸੀ ਅਤੇ ਸੰਗਤਾਂ ਵੱਲੋਂ ਰੋਸ ਜ਼ਾਹਰ ਕੀਤਾ ਜਾ ਰਿਹਾ ਸੀ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਤਾਂ ਮੌਕੇ ਤੇ ਉਸਦਾ ਉਸੇ ਸਮੇਂ ਹੀ ਸੋਧਾ ਲਾ ਦਿੱਤਾ ਜਾਵੇ ਤਾਂ ਜੋ ਅਗੇ ਤੋਂ ਕੋਈ ਅਜਿਹੀ ਘਟਨਾ ਨਾ ਹੋਵੇ।
ਇਹ ਵੀ ਪੜ੍ਹੋ : ਬੇਅਦਬੀ ਦੀ ਘਟਨਾ ਖ਼ਿਲਾਫ਼ ਪਟਿਆਲਾ ਦੇ ਫੁਹਾਰਾ ਚੌਂਕ 'ਚ ਪ੍ਰਦਰਸ਼ਨ, ਪ੍ਰਦਰਸ਼ਨਕਾਰੀਆਂ ਨੇ ਸਜ਼ਾ-ਏ-ਮੌਤ ਦੀ ਕੀਤੀ ਮੰਗ
ਉਥੇ ਹੀ ਰਿਆ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ ਕਿ ਜੋ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ ਉਸਨੂੰ ਘੱਟੋ-ਘੱਟ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇ। ਰਿਆ ਨੇ ਕਿਹਾ ਕਿ ਜਦੋਂ ਉਹਨਾਂ ਨੇ ਸਿਟੀ ਥਾਣੇ ਵਿਚ ਦੇਖਿਆ ਤਾਂ ਉਥੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਉਥੇ ਮੌਜੂਦ ਨਹੀਂ ਸੀ।