ਫਤਿਹਗੜ੍ਹ ਸਾਹਿਬ: ਇੱਕ ਪਾਸੇ ਪੰਜਾਬ ਸਰਕਾਰ ਮਿਸ਼ਨ ਤੰਦਰੁਸਤ ਪੰਜਾਬ ਚਲਾ ਕੇ ਆਮ ਜਨਤਾ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਦਾਅਵੇ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਕਈ ਕਿਸਾਨ ਖੇਤਾਂ ਵਿੱਚ ਖਰੜ ਤੋਂ ਆਉਣ ਵਾਲੇ ਸੀਵਰੇਜ ਦੇ ਗੰਦੇ ਪਾਣੀ ਦੀ ਵਜ੍ਹਾ ਕਰਕੇ ਪਿਛਲੇ ਦੋ ਸਾਲਾਂ ਤੋਂ ਆਪਣੀ ਫ਼ਸਲ ਨਹੀਂ ਲੈ ਪਾ ਰਹੇ। ਇੰਨਾ ਹੀ ਨਹੀਂ ਸੀਵਰੇਜ ਦੇ ਗੰਦੇ ਪਾਣੀ ਕਰਕੇ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ ਜਿਸ ਕਰਕੇ ਕਈ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ।
ਪਿੰਡ ਅਨੰਦਪੁਰ ਕਲੌੜ 'ਚ ਲਗਭਗ 100 ਏਕੜ ਵਿੱਚ ਖਰੜ ਤੋਂ ਆਉਣ ਵਾਲੇ ਸੀਵਰੇਜ ਦੇ ਪਾਣੀ ਨੇ ਹੜ੍ਹ ਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ। ਆਲਮ ਇਹ ਹੈ ਕਿ ਖੇਤਾਂ ਵਿੱਚ ਜਿੱਥੇ ਵੀ ਧਿਆਨ ਜਾ ਰਿਹਾ ਪਾਣੀ ਹੀ ਪਾਣੀ ਨਜ਼ਰ ਆਉਂਦਾ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਦਾ ਜਲਦ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਉਹ ਸੰਘਰਸ਼ ਕਰਨਗੇ ।