ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੰਜਾਬ ਭਰ ਵਿੱਚ ਲੱਗੇ ਹੋਏ ਕਰਫ਼ਿਊ ਕਰਕੇ ਪਿਛਲੇ ਲਗਭਗ ਇੱਕ ਮਹੀਨੇ ਤੋਂ ਸਮੁੱਚੇ ਵਿੱਦਿਅਕ ਅਦਾਰੇ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੂੰ ਵੀ ਆਨਲਾਈਨ ਕਲਾਸਾਂ ਲਗਾ ਕੇ ਪੜ੍ਹਾਇਆ ਜਾ ਰਿਹਾ ਹੈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾ ਕੇ ਲਗਭਗ ਸਿਲੇਬਸ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਰਫਿਊ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਆਨਲਾਈਨ ਹੀ ਲਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 30 ਲੱਖ ਤੋਂ ਪਾਰ, 2 ਲੱਖ 10 ਹਜ਼ਾਰ ਮੌਤਾਂ
ਉਧਰ ਵਿਦਿਆਰਥੀਆਂ ਨਾਲ ਜਦੋਂ ਇਸ ਸਬੰਧ ਵਿੱਚ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਜਿੱਥੇ ਸਮੁੱਚੇ ਵਿੱਦਿਅਕ ਅਦਾਰੇ ਬੰਦ ਪਏ ਹਨ, ਉੱਥੇ ਉਨ੍ਹਾਂ ਦੀ ਪੜ੍ਹਾਈ ਦਾ ਸਲੇਬਸ ਯੂਨੀਵਰਸਿਟੀ ਦੇ ਸਟਾਫ ਵੱਲੋਂ ਆਨਲਾਈਨ ਮੁਕੰਮਲ ਕਰਵਾਇਆ ਜਾ ਰਿਹਾ ਹੈ ਜਿਸ ਕਰਕੇ ਉਹ ਆਨਲਾਈਨ ਪੜ੍ਹਾਈ ਤੋਂ ਸੰਤੁਸ਼ਟ ਹਨ।