ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਚੇਅਰ ਸਥਾਪਤ ਕੀਤੀ ਗਈ।
ਇਸ ਤੋਂ ਪਹਿਲਾਂ ਸਬ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ 'ਚੇਅਰ' ਸਥਾਪਤ ਹੋਣ ਨਾਲ ਨਵੇਂ ਵਿਦਿਆਰਥੀਆਂ ਨੂੰ ਧਾਰਮਿਕ ਖੇਤਰ ਵਿੱਚ ਖੋਜ ਕਰਨ ਲਈ ਹੋਰ ਵੀ ਜਾਣਕਾਰੀ ਹਾਸਲ ਹੋ ਸਕੇਗੀ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਉਪਰੰਤ ਅੱਜ ਉਸ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ 'ਚ ਨਵੇਂ ਖੋਜਾਰਥੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਰੱਖਿਆ ਮੰਤਰੀ ਨੂੰ ਸੈਨਿਕ ਸਕੂਲਾਂ ਦੀ ਪ੍ਰਵਾਨਗੀ ਨੂੰ ਲੈ ਕੇ ਲਿਖਿਆ ਪੱਤਰ