ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਤੇ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।
ਇਹ ਵੀ ਪੜੋ: ਦਸੰਬਰ ਮਹੀਨੇ ਦਾ ਸਿੱਖ ਇਤਿਹਾਸ - ਅਸੀਂ ਕਿਤੇ ਭੁੱਲ ਨਾ ਜਾਈਏ"
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਸ਼ੁਰੂ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ ਅਤੇ ਲੱਖਾਂ ਦੀ ਗਿਣਤੀ ਵਿੱਚ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਆਉਣ ਵਾਲੀ ਸੰਗਤ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।