ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਆਪਣਾ 13ਵਾਂ ਸਥਾਪਨਾ ਦਿਵਸ ਮਨਾਇਆ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਤੋਂ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।
ਧਾਰਮਿਕ ਸਮਾਗਮ ਤੋਂ ਉਪਰੰਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸਾਰੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੂੰ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਵਾਈਸ ਚਾਂਸਲਰ ਨੇ 2019-20 ਦੇ ਵਿਦਿਅਕ ਵਰ੍ਹੇ ਦੀਆਂ ਪ੍ਰਾਪਤੀਆਂ ਗਿਣਾਉਦਿਆਂ ਦੱਸਿਆ ਕਿ ਵਿਦਿਆਰਥੀਆਂ ਅਤੇ ਸਟਾਫ਼ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਮੱਲਾਂ ਮਾਰੀਆਂ ਹਨ।
ਡਾ. ਪਰਿਤ ਪਾਲ ਸਿੰਘ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦਾ ਨੀਂਹ ਪੱਥਰ 1 ਸਤੰਬਰ 2008 ਨੂੰ ਰੱਖਿਆ ਗਿਆ ਸੀ ਤੇ ਅੱਜ ਯੂਨੀਵਰਸਿਟੀ ਨੇ ਆਪਣੇ 12 ਸਾਲ ਪੂਰੇ ਕਰ ਲਏ ਹਨ ਤੇ 13ਵਾਂ ਸਾਲ ਸ਼ੁਰੂ ਹੋਇਆ ਹੈ। ਇਸ ਦੇ ਨਾਲ ਹੀ 9 ਅਕਾਦਮਿਕ ਸੈਸ਼ਨ ਪੂਰੇ ਹੋ ਚੁੱਕੇ ਹਨ ਤੇ 10ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਯੂਨੀਵਰਸਿਟੀ ਨੇ ਕਾਫ਼ੀ ਉਪਲੱਬਧੀਆਂ ਹਾਸਲ ਕੀਤੀਆਂ ਹਨ। ਯੂਨੀਵਰਸਿਟੀ 7 ਡਿਪਾਰਟਮੈਂਟ 11 ਕੋਰਸਾਂ ਤੋਂ ਸ਼ੁਰੂ ਹੋ ਕੇ ਹੁਣ 28 ਡਿਪਾਰਟਮੈਂਟ ਤੇ 60 ਕੋਰਸਾਂ ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਇਲਾਵਾ ਇੱਥੋਂ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ।