ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਬਾਜ਼ੀਗਰ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਕਾਂਗਰਸ ਸਰਕਾਰ ਵੱਲੋਂ ਬਾਜ਼ੀਗਰ ਭਾਈਚਾਰੇ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਬਾਜ਼ੀਗਰ ਵਿੰਗ ਦੇ ਕੌਮੀ ਪ੍ਰਧਾਨ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਬਾਜ਼ੀਗਰ ਭਾਈਚਾਰੇ ਨਾਲ ਸਬੰਧਤ ਬਾਜ਼ੀਗਰ ਤੇ ਟੱਪਰੀਵਾਸ ਵਿਮੁਕਤ ਜਾਤੀਆਂ ਵਿਕਾਸ ਬੋਰਡ ਜੋ ਸਰਕਾਰ ਵੱਲੋਂ ਬਣਾਇਆ ਗਿਆ ਸੀ, ਇਸ ਨੂੰ ਕਾਂਗਰਸ ਸਰਕਾਰ ਵੱਲੋਂ ਖਤਮ ਕਰ ਦੇਣ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਾਜ਼ੀਗਰ ਜਾਤੀ ਨੂੰ 2 ਪ੍ਰਤੀਸ਼ਤ ਸਪੈਸ਼ਲ ਕੋਟਾ ਰਿਜ਼ਰਵੇਸ਼ਨ ਲਾਗੂ ਨਾ ਕਰਨ ਕਰਕੇ ਬਾਜ਼ੀਗਰ ਭਾਈਚਾਰੇ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਲਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲਦ ਹੀ ਬਾਜ਼ੀਗਰ ਭਾਈਚਾਰੇ ਦਾ ਵਫ਼ਦ ਮਿਲ ਕੇ ਇੱਕ ਸ਼੍ਰੋਮਣੀ ਅਕਾਲੀ ਦਲ ਦਾ ਬਾਜ਼ੀਗਰ ਵਿੰਗ ਬਣਾਉਣ ਦੀ ਅਪੀਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਭਰ ਦੇ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਬਾਜ਼ੀਗਰ ਭਾਈਚਾਰੇ ਨੂੰ ਇਕ ਪਲੇਟਫਾਰਮ 'ਤੇ ਲਿਆਉਣ ਲਈ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਵਿੰਗ ਦੇ ਆਗੂ ਦਵਿੰਦਰ ਸਿੰਘ ਦਿਆਲ ਅਤੇ ਗੁਰਚਰਨ ਸਿੰਘ ਰੁਪਾਣਾ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ।