ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਆਏ ਦਿਨ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਜਿਸ ਦਾ ਮੁੱਖ ਕਾਰਨ ਪੰਜਾਬ ਵਿੱਚ ਲੱਗ ਰਹੇ ਟਿਊਬਲ ਮੋਟਰਾਂ ਨੂੰ ਮੰਨਿਆਂ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਲਗਾਉਣ ਵੇਲੇ ਵੀ ਵੱਡੀ ਮਾਤਰਾ ਦੇ ਵਿੱਚ ਪਾਣੀ ਦੀ ਵਰਤੋਂ ਕੀਤੀ ਜਾ ਜਾਦੀ ਹੈ, ਜੋ ਕਿ ਅਜੋਕੇ ਸਮੇਂ ਵਿੱਚ ਇੱਕ ਗੰਭੀਰ ਮੁੱਦਾ ਬਣਿਆ ਹੋਇਆ ਹੈ।
ਇਸ ਮੁੱਦੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰਖਦੇ ਹੋਏ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ। ਸਰਕਾਰ ਦੇ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਕੁਝ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਬਾਰੇ ਹੋਰ ਜਾਣਕਾਰੀ ਪ੍ਰਪਾਤ ਕਰਨ ਲਈ ਈਟੀਵੀ ਭਾਰਤ ਦੇ ਪੱਤਰਕਾਰ ਵੱਲੋਂ ਮੌਕੇ 'ਤੇ ਪਹੁੰਚ ਕਰ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।
ਕਿਸਾਨਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨਾ ਸਰਲ ਤੇ ਅਸਾਨ ਤਰੀਕਾ ਹੈ ਕਿਉਂਕਿ ਸਿੱਧੀ ਬਿਜਾਈ ਮਸ਼ੀਨ ਦੇ ਨਾਲ ਕੀਤੀ ਜਾਂਦੀ ਹੈ। ਸਿੱਧੀ ਬਿਜਾਈ ਦੇ ਲਈ ਪਾਣੀ ਘੱਟ ਲਗਦਾ ਹੈ। ਬਿਜਾਈ ਕਰਨ ਦੇ 21 ਦਿਨਾਂ ਬਾਅਦ ਪੈਲੀ ਨੂੰ ਪਾਣੀ ਲਗਾਇਆ ਜਾਂਦਾ ਹੈ। ਸਿੱਧੀ ਬਿਜਾਈ ਕਰਨ ਦੇ ਲਈ ਲੇਬਰ ਦੀ ਵੀ ਜ਼ਰੂਰਤ ਨਹੀਂ ਪੈਂਦੀ ਜਿਸ ਦੇ ਨਾਲ ਕਿਸਾਨਾਂ 'ਤੇ ਆਰਥਿਕ ਬੋਝ ਨਹੀਂ ਪੈਂਦਾ। ਕਿਸਾਨਾਂ ਨੇ ਕਿਹਾ ਕਿ ਸਿੱਧੀ ਬਿਜਾਈ ਦੇ ਨਾਲ ਝੋਨੇ ਦੇ ਝਾੜ ਵਿੱਚ ਕੋਈ ਅਸਰ ਨਹੀਂ ਪੈਂਦਾ। ਕਿਸਾਨਾਂ ਵੱਲੋਂ ਪਾਣੀ ਬਚਾਉਣ ਲਈ ਹੋਰ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ।