ਸ੍ਰੀ ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਜਿੱਥੇ ਅਰਦਾਸ ਕੀਤੀ ਗਈ ਉੱਥੇ ਹੀ ਸੰਗਤਾਂ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ।
ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਬਾਰੇ ਵੀ ਅਹਿਮ ਜਾਣਕਾਰੀ ਸਿੱਖ ਸੰਗਤ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵੱਲੋਂ ਉਸ ਸਮੇਂ ਵੱਖ-ਵੱਖ ਸ਼੍ਰੇਣੀਆਂ ਤੇ ਜਾਤਾਂ ਵਿੱਚ ਫਸੇ ਲੋਕਾਂ ਨੂੰ ਗੁਰਬਾਣੀ ਰਾਹੀਂ ਬਾਹਰ ਕੱਢਿਆ ਗਿਆ। ਉਨ੍ਹਾਂ ਵੱਲੋਂ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸਿੱਖਿਆ ਲੈਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਆਖੰਡ ਪਾਠ ਦੇ ਭੋਗ ਪਾਏ ਹਨ ਅਤੇ ਇਸ ਉਪਰੰਤ ਧਾਰਮਿਕ ਸਮਾਗਮ ਵੀ ਕਰਵਾਏ ਹਨ। ਪੰਜੋਲੀ ਨੇ ਦੱਸਿਆ ਕਿ ਗੁਰਬਾਣੀ ਸਾਨੂੰ ਸਰਬੱਤ ਦੇ ਭਲੇ ਦਾ ਉਪਦੇਸ਼ ਦਿੰਦੀ ਹੈ ਇਸ ਲਈ ਸਾਨੂੰ ਗੁਰਬਾਣੀ ਦੇ ਲੜ ਲੱਗਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਹੈ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ