ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਯੂਥ ਸਰਪਰਸਤ ਈਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਬਾਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦੇ ਕੇ ਨਿਆ ਪ੍ਰਣਾਲੀ ਵਿੱਚ ਆ ਰਹੇ ਨਿਘਾਰ ਅਤੇ ਬੇਅਦਬੀਆਂ ਦੇ ਮਾਮਲਿਆਂ ਵਿੱਚ ਜਲਦ ਇਨਸਾਫ ਦਿਵਾਉਣ ਲਈ ਸਹਿਯੋਗ ਦੀ ਮੰਗ ਕੀਤੀ। ਉਥੇ ਹੀ ਉਨ੍ਹਾਂ ਨੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਅਤੇ ਨਵੇਂ ਬਣੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜੇਕਰ ਅਜਿਹੇ ਵਿਅਕਤੀਆਂ ਨੂੰ ਮੰਤਰੀ ਬਣਾ ਰਹੇ ਹਨ ਤਾਂ ਇਨਸਾਫ ਮਿਲਣ ਦੀ ਉਮੀਦ ਘੱਟ ਹੈ।
ਇਸ ਮੌਕੇ ਈਮਾਨ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਹਾਲੇ ਤੱਕ 1984 ਦੇ ਮਾਮਲਿਆਂ ਵਿੱਚ ਇਨਸਾਫ ਨਹੀਂ ਮਿਲਿਆ, ਉਸ ਤੋਂ ਬਾਅਦ ਬਹਿਬਲ ਕਲਾਂ, ਕੋਟਕਪੂਰਾ ਅਤੇ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਹੋਰ ਸੈਂਕੜੇ ਸਥਾਨਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਅਪਮਾਨਿਤ ਕੀਤਾ ਗਿਆ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਿੱਟ ਨੂੰ ਨਿਯੁਕਤ ਕੀਤਾ ਗਿਆ ਸੀ, ਜਿਸ ਦੀ ਅਗਵਾਈ ਕੁੰਵਰ ਵਿਜੇ ਪ੍ਰਤਾਪ ਕਰ ਰਹੇ ਸਨ। ਪੰਜਾਬ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਰਾਜਵੀਰ ਸ਼ੇਰਾਵਤ ਨੇ ਹੁਕਮਰਾਨਾਂ ਅਤੇ ਸਿਆਸਤਦਾਨਾਂ ਦਾ ਪ੍ਰਭਾਵ ਕਬੂਲਦੇ ਹੋਏ ਮਿਹਨਤ ਨਾਲ ਕੀਤੀ ਜਾਂਚ ਨੂੰ ਰੱਦ ਹੀ ਨਹੀਂ ਕੀਤਾ, ਸਗੋਂ ਮੁੱਖ ਦੋਸ਼ੀ ਦੀ ਗ੍ਰਿਫਤਾਰੀ ‘ਤੇ ਰੋਕ ਵੀ ਲਗਾ ਦਿੱਤੀ।
ਇਸੇ ਤਰ੍ਹਾਂ ਮਾਨਯੋਗ ਜਸਟਿਸ ਅਰਵਿੰਦ ਸਾਗਵਾਨ ਨੇ ਉਨਾਂ ਨੂੰ ਪੱਕੀ ਜਮਾਨਤ ਦੇ ਦਿੱਤੀ। ਜਿਸ ਕਾਰਨ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਾਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਤਜਿੰਦਰ ਸਿੰਘ ਧੀਮਾਨ ਨੂੰ ਮੰਗ ਪੱਤਰ ਸੌਂਪਿਆ।
ਇਸ ਦੌਰਾਨ ਉਨ੍ਹਾਂ ਚਿਤਾਵਨੀ ਵੀ ਦਿੱਤੀ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ:ਕਿਸਾਨ ਰੈਲੀ ‘ਚ ਵੜੇ ਚੋਰ ਦਾ ਕਿਸਾਨਾਂ ਨੇ ਚਾੜ੍ਹਿਆ ਕੁੱਟਾਪਾ, ਵੀਡੀਓ ਆਈ ਸਾਹਮਣੇ