ਸਰਹਿੰਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਿਸ਼ਵਤਖੋਰੀ ਦੇ ਮਾਮਲੇ 'ਤੇ ਜੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਐਲਾਨ ਕੀਤਾ ਹੈ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਇਹਨਾਂ ਬੋਲਾਂ ਨੂੰ ਪੂਰਾ ਕਰਦੇ ਹਨ ਤਾਂ ਉਥੇ ਹੀ ਉਹਨਾਂ ਦੇ ਮੰਤਰੀ ਵੀ ਇਸੀ ਤਰਜ 'ਤੇ ਸਰਕਾਰ ਦੀ ਨੁਮਾਇੰਦਗੀ ਕਰਦੇ ਹਨ, ਜਿੰਨਾਂ ਵਿੱਚ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਸ਼ਾਮਿਲ ਹੈ।
ਮੰਤਰੀ ਕਟਾਰੂਚੱਕ ਖੁਰਾਕ ਤੇ ਸਪਲਾਈ ਵਿਭਾਗ ਦੇ ਏ.ਐਫ.ਐਸ.ਓ. ਦਫ਼ਤਰ ਸਰਹਿੰਦ ਵਿਖੇ ਵਿਭਾਗ ਦੇ ਗੋਦਾਮਾਂ ਦੀ ਚੈਕਿੰਗ ਕਰਨ ਲਈ ਪਹੁੰਚੇ ਤਾਂ ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਦੀ ਸਖਤ ਮਿਹਨਤ ਨਾਲ ਉਪਜੇ ਅਨਾਜ ਦੀ ਸੁਰੱਖਿਆ ਕਰਨਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰੇਕ ਵਾਸੀ ਨਾਲ ਗੁੱਡ ਗਵਰਨੈਸ ਦੇਣ ਦਾ ਵਾਅਦਾ ਕੀਤਾ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਬਰਦਾਸ਼ਤ ਹੋਵੇਗੀ।
ਇਹ ਵੀ ਪੜ੍ਹੋ : ਐਕਸ਼ਨ ਮੋਡ ਵਿੱਚ ਟਰਾਂਸਪੋਰਟ ਮੰਤਰੀ, ਬੱਸ ਸਟੈਂਡ ਉੱਤੇ ਚੈਕਿੰਗ, ਬੱਸਾਂ ਦੇ ਚਲਾਨ ਕੱਟਣ ਦੇ ਦਿੱਤੇ ਹੁਕਮ
ਮੰਤਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਰਿਸ਼ਵਤਖੋਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਪਿਛਲੇ ਸਮੇਂ ਵਿੱਚ 19 ਮਾਮਲੇ ਦਰਜ਼ ਕਰਵਾਏ ਗਏ ਹਨ ਅਤੇ ਕਈ ਭ੍ਰਿਸ਼ਟਾਚਾਰ ਕਰਨ ਵਾਲੇ ਧਿਕਾਰੀ ਨੌਕਰੀ ਤੋਂ ਬਰਖਾਸਤ ਕੀਤੇ ਗਏ ਹਨ। ਇਸ ਦੇ ਨਾਲ ਹੀ ਓਹਨਾ ਇਹ ਵੀ ਕਿਹਾ ਕਿ ਵਿਭਾਗ ਦੇ ਸਮੂਹ ਅਮਲੇ ਨੂੰ ਇਹ ਵੀ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨਾਲ ਕਿਸੇ ਕਿਸਮ ਦਾ ਦੁਰਵਿਵਹਾਰ ਨਾ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰ ਤੱਕ ਪਹੁੰਚਾਇਆ ਜਾਵੇ।
ਕੁਝ ਸ਼ੈਲਰਾਂ ਤੇ ਸੀ.ਬੀ.ਆਈ. ਦੇ ਰੇਡ ਕਰਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਵਾਲਾ ਚਾਹੇ ਕੋਈ ਵੀ ਹੋਵੇ ਉਹ ਕਾਨੂੰਨ ਤੋਂ ਨਹੀਂ ਬੱਚ ਸਕਦਾ। ਇਸ ਲਈ ਜਿਹੜੇ ਵੀ ਵਿਅਕਤੀਆਂ ਨੇ ਪੰਜਾਬ ਦੇ ਲੋਕਾਂ ਨਾਲ ਹੇਰਾ ਫੇਰੀ ਕੀਤੀ ਹੈ ਉਹ ਸਭ ਆਪਣੇ ਅੰਜਾਮ ਤੱਕ ਪਹੁੰਚਣਗੇ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਵਤਖੋਰੀ ਵਿਰੁੱਧ ਕਾਰਵਾਈ ਕਰਨ ਲਈ ਬਣੀਆਂ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ ਇਸ ਵਿੱਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ।