ਸ੍ਰੀ ਫ਼ਤਿਹਗੜ੍ਹ ਸਾਹਿਬ: ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਖਮਾਣੋਂ ਵਿਖੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਦੀ ਅਗਵਾਈ ਵਿੱਚ ਕੀਤਾ ਗਿਆ ਹੈ।
ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਫੈਸਲੇ ਨੂੰ ਵਾਪਸ ਕਰਵਾਉਣ, ਜਨਤਕ ਖੇਤਰ ਦੇ ਅਦਾਰਿਆਂ ਨੂੰ ਬਚਾਉਣ ਅਤੇ ਹਰ ਵਰਗ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, ਮੁਲਾਜ਼ਮਾਂ ਪੈਂਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਂਨਸ਼ਨਰ ਸਾਂਝਾ ਫਰੰਟ ਦੇ ਸੱਦੇ ਉੱਤੇ ਕਾਲੇ ਝੰਡੇ, ਕਾਲੇ ਕੱਪੜੇ ਪਾ ਕੇ ਰੋਸ ਜਾਹਿਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੀ ਆੜ ਵਿੱਚ ਸਰਕਾਰ ਸੰਘਰਸ਼ਸ਼ੀਲ ਲੋਕਾਂ ਦੀ ਜੁਬਾਨਬੰਦੀ ਕਰਨ ਲਈ ਸਖ਼ਤ ਪਾਬੰਦੀਆਂ ਲਗਾ ਕੇ ਲਗਾਤਾਰ ਮੁਲਾਜ਼ਮ ਅਤੇ ਲੋਕ ਵਿਰੋਧੀ ਫੈਸਲੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮੁਲਾਜ਼ਮਾਂ ਨੂੰ ਆਰਥਿਕ ਰਾਹਤਾਂ ਦੇਣ ਦੀ ਥਾਂ 200 ਰੁਪਏ ਪ੍ਰਤੀ ਮਹੀਨਾ ਮੁਲਾਜ਼ਮਾਂ ਦੀ ਜੇਬ ਵਿਚੋਂ ਵਿਕਾਸ ਟੈਕਸ ਦੇ ਨਾਂ ਉੱਤੇ ਖੋਹ ਰਹੀ ਹੈ। ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਵੀ ਲਟਕਾਇਆ ਜਾ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਪੈਨਸ਼ਨਰ ਅਤੇ ਲੋਕ ਮਾਰੂ ਫੈਸਲੇ ਵਾਪਸ ਨਾ ਲਏ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਮਜਬੂਰ ਮਾਂ ਨੇ ਗੜ੍ਹਸ਼ੰਕਰ 'ਚ ਦਿਵਿਆਂਗ ਬੱਚਿਆਂ ਲਈ ਸਕੂਲ ਬਣਾਉਣ ਦੀ ਕੀਤੀ ਮੰਗ