ਫ਼ਤਿਹਗੜ੍ਹ ਸਾਹਿਬ : ਅਮਲੋਹ ਦੇ ਪਿੰਡ ਭੱਦਲਥੂਹਾ ਦੇ ਨਿਵਾਸੀਆ ਵੱਲੋਂ ਪਿੰਡ ਵਿੱਚ ਖੜ੍ਹੇ ਗੰਦੇ ਪਾਣੀ ਦੇ ਨਿਕਾਸੀ ਦਾ ਪ੍ਰਬੰਧ ਨਾ ਹੋਣ ਤੇ ਨਿਵਾਸਿਆ ਵਲੋ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ। ਇਸ ਧਰਨੇ ਦੇ ਵਿੱਚ ਸਕੂਲ ਦੇ ਛੋਟੇ ਬੱਚੇ ਵੀ ਪਿੰਡ ਵਾਸੀਆਂ ਨਾਲ ਮੌਜੂਦ ਰਹੇ।
ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਦੱਸਿਆ ਕਿ ਉਹ ਰਸਤਾ ਹੈ ਜਿਥੋਂ ਪਿੰਡ ਦੇ ਛੋਟੇ ਬੱਚੇ ਸਕੂਲ ਜਾਂਦੇ ਹਨ ਅਤੇ ਉੱਥੇ ਰਹਿਣ ਵਾਲੇ ਲੋਕਾਂ ਨੂੰ ਵੀ ਇਸ ਗੰਦੇ ਪਾਣੀ ਦੇ ਵਿੱਚ ਦੀ ਲੰਘਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਆਉਂਦੀ ਹੈ। ਇਸ ਧਰਨੇ ਦੇ ਵਿੱਚ ਪਿੰਡ ਦੇ ਦੋ ਪੰਚ ਵੀ ਸ਼ਾਮਲ ਸਨ।
ਪੰਚਾ ਨੇ ਦੱਸਿਆ ਕਿ ਉਨ੍ਹਾਂ ਨੇ ਸਰਪੰਚ ਨੂੰ ਕਿਹਾ ਸੀ ਕਿ ਇਸ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਪਿੰਡ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਪਰ ਸਰਪੰਚ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਸਾਥ ਦੇਣਾ ਪਿਆ ਤੇ ਧਰਨਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਬੀਡੀਪੀਓ ਅਮਲੋਹ ਵੱਲੋਂ ਉਨ੍ਹਾਂ ਨੂੰ ਇਹ ਵਿਸ਼ਵਾਸ ਦਿੱਤਾ ਗਿਆ ਹੈ ਕਿ ਜਲਦ ਇਸ ਸਮੱਸਿਆ ਦਾ ਹੱਲ ਜ਼ਰੂਰ ਹੋ ਜਾਵੇਗਾ ਅਗਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਉਨ੍ਹਾਂ ਵੱਲੋਂ ਮੰਗਲਵਾਰ ਨੂੰ ਇਹ ਧਰਨਾ ਫਿਰ ਦਿੱਤਾ ਜਾਵੇਗਾ ।
ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਿੰਡ ਦੇ ਲੋਕਾਂ ਦੀ ਇਸ ਸਮੱਸਿਆ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਇਹ ਤਾਂ ਅੱਜ ਨੂੰ ਧਰਨੇ ਦੌਰਾਨ ਹੀ ਪਤਾ ਲੱਗਿਆ ਹੈ ।