ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਪਹਿਲਾਂ ਜਿੱਥੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਕੀਤਾ ਸੀ ਹੁਣ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਦਿੱਲੀ ਕੂਚ ਕਰ ਰਹੇ ਹਨ। ਜਿੱਥੇ ਵੱਡੀ ਤਦਾਦ ਵਿੱਚ ਕਿਸਾਨ ਦਿੱਲੀ ਜਾ ਰਹੇ ਹਨ ਉਥੇ ਹੀ ਨੌਜਵਾਨ ਵੀ ਇਸ ਸੰਘਰਸ਼ ਦਾ ਹਿੱਸਾ ਬਣ ਰਹੇ ਹਨ।
ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਪੇ ਸੰਘਰਸ਼ ਦੇ ਲਈ ਦਿੱਲੀ ਨੂੰ ਜਾ ਰਹੇ ਹਨ। ਉਨ੍ਹਾਂ ਵੱਲੋਂ ਵੀ ਇਸ ਦੇ ਵਿੱਚ ਹਿੱਸਾ ਲਿਆ ਜਾਵੇਗਾ। ਦਿੱਲੀ ਵਿੱਚ ਸੰਘਰਸ਼ ਕਰ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਜ਼ਰੂਰ ਰੱਦ ਕਰਵਾਇਆ ਜਾਵੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਜੋ ਹਰਿਆਣਾ ਸਰਕਾਰ ਨੇ ਬਾਰਡਰ ਸੀਲ ਕੀਤੇ ਹਨ ਉਹ ਕੁਝ ਵੀ ਨਹੀਂ, ਪੰਜਾਬ ਦੇ ਨੌਜਵਾਨਾਂ ਨੇ ਅਮਰੀਕਾ ਦੇ ਬਾਰਡਰ ਪਾਰ ਕੀਤੇ ਹੋਏ ਹਨ ਇਸ ਲਈ ਇਹ ਬੈਰੀਕੇਡ ਉਨ੍ਹਾਂ ਦੇ ਲਈ ਕੋਈ ਵੱਡੀ ਗੱਲ ਨਹੀਂ ਹੈ। ਉਹ ਦਿੱਲੀ ਤੇ ਜ਼ਰੂਰ ਫ਼ਤਿਹ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭੁਲੇਖਾ ਹੈ ਕਿ ਪੰਜਾਬ ਦੇ ਕਿਸਾਨ ਕੁਝ ਨਹੀਂ ਕਰ ਸਕਦੇ ਪਰ ਹੁਣ ਪੰਜਾਬ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹੇਗਾ। ਜਿਸ ਵਿੱਚ ਵੱਡੀ ਗਿਣਤੀ ਨੌਜਵਾਨ ਵੀ ਸ਼ਾਮਲ ਹੋ ਰਹੇ ਹਨ।