ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਲੈ ਕੇ ਪੰਜਾਬ ਭਰ ਵਿੱਚ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਅਮਿੱਤ ਜੈ ਚੰਦ, ਯੂਥ ਪ੍ਰਧਾਨ ਹਲਕਾ ਅਮਲੋਹ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 2 ਮੁੱਖ ਮੁੱਦੇ ਹਨ, ਜਿਨ੍ਹਾਂ ਵਿੱਚ ਇੱਕ ਐੱਮ.ਐੱਸ.ਪੀ. ਅਤੇ ਦੂਜਾ ਮੰਡੀਕਰਨ ਹੈ ਅਤੇ ਇਹ ਦੋਵੇਂ ਹੀ ਫ਼ੈਸਲੇ ਕਿਸਾਨ ਵਿਰੋਧੀ ਹਨ, ਜਿਸ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਾਂਗਰਸ ਵੱਲੋਂ ਹੋਰ ਵੀ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੋਰੋਨਾ ਵਾਇਰਸ ਦਾ ਗਲਤ ਫਾਇਦਾ ਚੁੱਕਦੇ ਹੋਏ ਹੀ ਇਹ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਸਬੰਧੀ ਉਨ੍ਹਾਂ ਵੱਲੋਂ ਕਿਸੇ ਵੀ ਦੂਸਰੀ ਪਾਰਟੀ ਨਾਲ ਗੱਲਬਾਤ ਨਹੀਂ ਕੀਤੀ ਅਤੇ ਇਸ ਨੂੰ ਲਾਗੂ ਕਰ ਦਿੱਤਾ ਗਿਆ।