ਫਾਜ਼ਿਲਕਾ: ਅਬੋਹਰ ਦੇ ਲਾਈਨ ਪਾਰ ਖੇਤਰ ਦੇ ਲੋਕਾਂ ਵੱਲੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨਾ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਖੇਤਰ ਦੀ ਸਾਰ ਨਹੀਂ ਲੈ ਰਹੀ। ਬਰਸਾਤਾਂ ਦੇ ਦਿਨਾਂ 'ਚ ਗਲੀਆਂ ਸੜਕਾਂ ਵਿਚੋਂ ਲੰਘਣ ਨੂੰ ਵੀ ਥਾਂ ਨਹੀਂ ਹੁੰਦੀ।
ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਇਸ ਖੇਤਰ ਦੇ ਲੋਕਾਂ ਨੂੰ ਅਣਗੋਲਿਆਂ ਕਰ ਹਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮ੍ਰਿਤ ਯੋਜਨਾ ਤਹਿਤ 120 ਕਰੋੜ ਰੁਪਏ ਜਾਰੀ ਕੀਤੇ ਹਨ। ਬਾਵਜੂਦ ਇਸ ਦੇ ਬਦਲੇ ਦੀ ਰਾਜਨੀਤੀ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਬੀਤੇ ਦਿਨੀਂ ਪਏ ਮੀਂਹ ਕਾਰਨ ਅਜੇ ਵੀ ਕਈ ਗਲੀਆਂ, ਮੁਹੱਲੇ ਪਾਣੀ ਨਾਲ ਭਰੇ ਹੋਏ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਸੇ ਆਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਉਨ੍ਹਾਂ ਦੇ ਖੇਤਰ ਦਾ ਸੁਧਾਰ ਨਹੀਂ ਕਰ ਰਹੀ ਹੈ। ਨਾਰੰਗ ਨੇ ਦੱਸਿਆ ਕਿ ਸ਼ਹਿਰ ਦੇ ਕਈ ਇਲਾਕੇ ਸੀਵਰੇਜ ਦੀ ਸਮੱਸਿਆ ਨਾਲ ਨਜਿੱਠ ਰਹੇ ਹਨ। ਇਸ ਤੋਂ ਇਲਾਵਾ ਸਥਾਨਕ ਲੋਕ ਪਾਣੀ ਦੀ ਸਪਲਾਈ, ਬਿਜਲੀ ਤੇ ਟੁੱਟੀਆਂ ਸੜਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਲਜ਼ਾਮ ਲਗਾਂਉਦੇ ਹੋਏ ਉਨ੍ਹਾਂ ਕਿਹਾ ਕਿ ਉਹ ਖੇਤਰ ਨਾਲ ਵਿਤਕਰਾ ਕਰ ਰਹੇ ਹਨ।