ਫਾਜ਼ਿਲਕਾ: ਅਬੋਹਰ ਰੋਡ ਉੱਤੇ ਜੰਗਲਾਤ ਵਿਭਾਗ ਦੀ ਜਗ੍ਹਾ 'ਤੇ ਇੱਕ ਅਣਪਛਾਤੀ ਕੁੜੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਕੁੜੀ ਦੀ ਉਮਰ 20-22 ਸਾਲ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕੁੜੀ ਦੀ ਗਰਦਨ ਉੱਤੇ ਕਿਸੇ ਤੇਜਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ।
ਇਸ ਮਾਮਲੇ ਨੂੰ ਲੈ ਕੇ ਐੱਸ.ਪੀ.ਡੀ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਕੁੜੀ ਦੀ ਲਾਸ਼ ਜੰਗਲਾਤ ਵਿਭਾਗ ਦੀ ਖਾਲੀ ਜ਼ਮੀਨ ਵਿੱਚ ਮਿਲੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਛਾਣ ਲਈ ਰੱਖਵਾ ਦਿੱਤਾ ਗਿਆ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਮਾਮਲੇ ਦਾ ਪਰਦਾਫਾਸ਼ ਕੀਤਾ ਜਾਏਗਾ ।