ਫਾਜ਼ਿਲਕਾ: ਜ਼ਿਲ੍ਹੇ 'ਚ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਬਚਾਅ ਲਈ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇੱਕ ਵੱਡੀ ਮੁਹਿੰਮ ਦਾ ਆਗਾਜ਼ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤੇ ਪ੍ਰਚਾਰ ਵਾਹਨਾਂ ਰਾਹੀਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ 'ਚ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ ਉੱਤੇ ਆਧਾਰਿਤ ਸਪਤਾਹ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।