ਫ਼ਾਜ਼ਿਲਕਾ: ਜਲਾਲਾਬਾਦ ਦੇ ਨਜ਼ਦੀਕੀ ਪਿੰਡ ਸੂਰਘੁਰੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਦੀ ਝਾੜੀਆਂ ਤੋਂ ਲਾਸ਼ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਹੀ ਮਹੀਨੇ ਪਹਿਲਾਂ ਹੀ ਉਸ ਦੀ ਬਿਜਲੀ ਮਹਿਕਮੇ 'ਚ ਬਤੌਰ ਜੇਈ ਵਜੋਂ ਨਿਯੁਕਤੀ ਹੋਈ ਸੀ, ਤੇ ਉਹ ਘਰ ਤੋਂ ਆਪਣੇ ਦਫਤਰ ਲਈ ਨਿਕਲਿਆ ਤਾਂ ਬਾਅਦ ਵਿੱਚ ਉਨ੍ਹਾਂ ਨੂੰ ਫੋਨ ਰਾਹੀਂ ਪਤਾ ਲੱਗਾ ਕਿ ਉਨ੍ਹਾਂ ਦੇ ਭਰਾ ਸੁਖਵਿੰਦਰ ਸਿੰਘ ਦੀ ਲਾਸ਼ ਟਿਵਾਣਾ ਮੋੜ ਕਲਾਂ ਦੇ ਨਜ਼ਦੀਕ ਝਾੜੀਆਂ ਵਿੱਚ ਪਈ ਹੈ, ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਦੇ ਚਿਹਰੇ 'ਤੇ ਬੁਰੀ ਤਰ੍ਹਾਂ ਨਾਲ ਸੱਟਾਂ ਮਾਰੀਆਂ ਹੋਈਆਂ ਸਨ।
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਜਲਾਲਾਬਾਦ ਥਾਣਾ ਸਦਰ ਦੇ ਏਐੱਸਆਈ ਦੀਪਿਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ਟਿਵਾਨਾ ਰੋਡ ਦੇ ਨਜ਼ਦੀਕ ਝਾੜੀਆਂ ਦੇ ਵਿੱਚ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਫਾਜ਼ਿਲਕਾ ਦੇ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।