ਫਾਜ਼ਿਲਕਾ : ਪੰਜਾਬ ਭਰ 'ਚ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਵੱਖ-ਵੱਖ ਤਰੀਕੀਆਂ ਨਾਲ ਵਿਰੋਧ ਕੀਤਾ ਜਾ ਰਿਹਾ ਹੈ। ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਮੁਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਰਜੀਤ ਜਿਆਣੀ ਨੇ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਇਜਲਾਸ ਸੱਦ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ 115 ਵਿਧਾਇਕ ਇੱਕਠੇ ਹੋ ਕੇ ਰਾਜਪਾਲ ਨੂੰ ਮਿਲਣ ਪੁੱਜੇ, ਉਸ ਨਾਲ ਇਹ ਸੰਦੇਸ਼ ਜਾਂਦਾ ਹੈ ਕਿ ਇਹ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਆਣੀ ਨੇ ਪੀਐਮ ਮੋਦੀ ਦੇ ਕੰਮਾਂ ਤੇ ਮੋਦੀ ਸਰਕਾਰ ਵੱਲੋਂ ਸਿਹਤ ਸਬੰਧੀ ਸੁਵਿਧਾਵਾਂ ਦਿੱਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਮੋਦੀ ਸਰਕਾਰ ਕੰਮਾਂ ਤੋਂ ਡਰ ਗਈਆਂ ਹਨ।
ਸੁਰਜੀਤ ਜਿਆਣੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਮੁਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਨਕਾਰਦੇ ਹੋਏ ਨਵੇਂ ਖੇਤੀ ਕਾਨੂੰਨ ਪਾਸ ਕੀਤੇ ਹਨ। ਪੰਜਾਬ ਸਰਕਾਰ ਨੇ ਮਹਿਜ਼ ਐਮਐਸਪੀ ਨਾਲ ਸਬੰਧਤ ਕਾਨੂੰਨ ਪਾਸ ਕੀਤਾ ਹੈ।ਐਮਐਸਪੀ ਮੁਤਾਬਕ ਫਸਲਾਂ ਦੀ ਖ਼ਰੀਦ ਨਾ ਕਰਨ ਵਾਲੇ ਵਪਾਰੀ 'ਤੇ ਸਜ਼ਾ ਦਾ ਪ੍ਰਵਧਾਨ ਹੋਵੇਗਾ।
ਜਿਆਣੀ ਨੇ ਆਖਿਆ ਕਿ ਜੇਕਰ ਮੁਖ ਮੰਤਰੀ ਕੈਪਟਨ ਤੇ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੁੰਦੀ ਤਾਂ ਅਜਿਹੇ ਕਾਨੂੰਨ ਨਾਂ ਲਾਗੂ ਕਰਦੀ। ਉਨ੍ਹਾਂ ਕਿਹਾ ਕਿ ਐਮਐਸਪੀ ਨਾਲ ਸਬੰਧ ਇਹ ਖੇਤੀ ਕਾਨੂੰਨ ਮਹਿਜ਼ ਰਵਾਇਤੀ ਫਸਲਾਂ ਉੱਤੇ ਹੀ ਲਾਗੂ ਹੈ, ਜੇਕਰ ਕਿਸਾਨ ਰਵਾਇਤੀ ਫਸਲਾਂ ਨਹੀਂ ਉਗਾਉਂਦੇ ਤਾਂ ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਕਿਸਾਨ ਹਿਤੈਸ਼ੀ ਹੋਣ ਦਾ ਢੋਂਗ ਕਰ ਰਹੀ ਹੈ, ਅਸਲ 'ਚ ਪੰਜਾਬ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ ਨਵੀਂ ਮੁਸਬੀਤ ਬਣ ਗਏ ਹਨ।