ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਅਬੋਹਰ ਦੇ ਥਾਣਾ ਬਹਾਵ ਵਾਲਾ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਹਾਵ ਵਾਲਾ ਥਾਣੇ ਦੇ ਐੱਸਐਚਓ ਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਮੁਖ਼ਬਰ ਵੱਲੋਂ ਦਿੱਤੀ ਗਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ। ਸੂਚਨਾ ਦੇ ਅਧਾਰ 'ਤੇ ਪੁਲਿਸ ਨੇ ਅਬੋਹਰ-ਹਨੁਮਾਨਗੜ੍ਹ ਰੋਡ ਉੱਤੇ ਰਾਜਪੁਰਾ ਪਿੰਡ ਨੇੜੇ ਨਾਕਾਬੰਦੀ ਕੀਤੀ। ਨਾਕਾਬੰਦੀ ਦੇ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਰਾਜਸਥਾਨ ਵੱਲੋਂ ਆ ਰਹੀ ਇੱਕ ਗੱਡੀ ਦੀ ਤਲਾਸ਼ੀ ਦੇ ਦੌਰਾਨ ਭਾਰੀ ਮਾਤਰਾ 'ਚ ਚੂਰਾ ਪੋਸਤ ਬਰਾਮਦ ਕੀਤਾ ਗਿਆ। ਗੱਡੀ ਦੇ ਵਿੱਚ 3 ਲੋਕ ਸਵਾਰ ਸਨ। ਪੁਲਿਸ ਨੇ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਸ ਦੇ ਦੋ ਹੋਰ ਸਾਥੀ ਰਾਜ ਸਿੰਘ ਤੇ ਜੋਗਿੰਦਰ ਸਿੰਘ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ। ਪੁਲਿਸ ਨੇ ਦੱਸਿਆ ਕਿ ਤਸਕਰ ਰਾਜਸਥਾਨ ਤੋਂ ਨਸ਼ੀਲੇ ਪਦਾਰਥ ਲਿਆ ਕੇ ਜ਼ਿਲ੍ਹੇ 'ਚ ਵੇਚਦੇ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਨਿਵਾਸੀ ਪਿੰਡ ਹੰਸਤਾ ਕਲਾ ਫਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 1 ਕੁਇੰਟਲ 20 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਨੇ ਇਸ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਚੋਂ 1 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਬਾਕੀ ਦੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਗਈ ਹੈ।