ਫ਼ਾਜ਼ਿਲਕਾ: ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਸਕ ਵਿੱਚ ਹੋਈ। ਇਸ ਮੀਟਿੰਗ ਵਿੱਚ ਸ਼ਿਕਰਤ ਕਰਨ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਪਹੁੰਚੇ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੰਜਾਬ ਵਿੱਚ ਮਾਲ ਗੱਡੀਆਂ ਨੂੰ ਮੁੜ ਸ਼ੂਰੂ ਨਾ ਕਰਨ ਬਾਰੇ ਕੇਂਦਰ ਦੇ ਅੜੀਅਲ ਰਵੀਏ ਦੀ ਬਲਬੀਰ ਸਿੱਧੂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਆਰਥਿਕ ਘਰੇਬੰਦੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਯੂਰੀਆ ਦੀ ਘਾਟ ਦੇ ਪੈਦਾ ਹੋਣ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੇ ਰੇਲ ਪੱਟੜੀਆਂ ਖਾਲੀ ਕਰ ਦਿੱਤੀਆਂ ਹਨ ਪਰ ਫਿਰ ਵੀ ਮੋਦੀ ਸਰਕਾਰ ਬਹਾਨੇਬਾਜ਼ੀ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਗੱਲ ਕਹੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਸੁਰਜੀਤ ਕੁਮਾਰ ਦਾ ਕਿਸਾਨਾਂ ਦੀ ਅਵਾਜ਼ ਚੁੱਕਣਾ ਚੰਗਾ ਸੰਕੇਤ ਹੈ। ਖੇਤੀ ਬਿੱਲਾਂ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਿਆਨਬਾਜ਼ੀ ਬਾਰੇ ਮੰਤਰੀ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਮੋਦੀ ਦੇ ਨਾਲ ਮਿਲੀ ਭੁਗਤ ਹੈ। ਇਸੇ ਲਈ ਉਹ ਦਿੱਲੀ ਵਿੱਚ ਦਿੱਤੇ ਗਏ ਧਰਨੇ ਵਿੱਚ ਸ਼ਾਮਲ ਨਹੀਂ ਹੋਏ ਸਨ।
ਇਸੇ ਨਾਲ ਹੀ ਉਨ੍ਹਾਂ ਨੇ ਕਿ ਪੰਜਾਬ ਵਿੱਚ ਤਿਉਹਾਰਾਂ ਦਾ ਮੌਸਮ ਵਿੱਚ ਹਲਵਾਈਆਂ ਅਤੇ ਹੋਰ ਖਾਣ ਪੀਣ ਵਾਲੇ ਸਮਾਨ ਵੇਚਣ ਵਾਲਿਆਂ ਨਾਲ ਮੀਟਿੰਗ ਕੀਤੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕੋਈ ਮਲਾਵਟੀ ਸਮਾਨ ਬਜ਼ਾਰ ਵਿੱਚ ਨਹੀਂ ਵੇਚਣ ਦਿੱਤਾ ਜਾਵੇਗਾ।