ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਹੀਰਾਂ ਵਾਲੀ ’ਚ ਲੱਗਣ ਵਾਲੀ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਦੇ ਤਹਿਤ ਅੱਜ ਪਿੰਡ ਹੀਰਾਂ ਵਾਲੀ ਅਤੇ ਆਲੇ-ਦੁਆਲੇ ਦੇ ਲਗਭਗ ਤਿੰਨ ਦਰਜਨ ਪਿੰਡਾਂ ਦੇ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਢਕੌਂਦਾ ਅਤੇ ਬੀਕੇਯੂ ਸਿੱਧੂਪੁਰ ਨਾਲ ਮਿਲਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਦਿਆਂ ਸਾਹਮਣੇ ਸੜਕ ’ਤੇ ਧਰਨਾ ਲਗਾ ਕੇ ਜਿੱਥੇ ਆਵਾਜ਼ਾਈ ਠੱਪ ਕੀਤੀ ਅਤੇ ਖੇਡ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਤਿੰਨ ਦਰਜਨ ਪਿੰਡਾਂ ਦੇ ਵਾਸੀ ਬੀਤੇ ਦੋ ਹਫ਼ਤਿਆਂ ਤੋਂ ਪਿੰਡ ਹੀਰਾਂ ਵਾਲੀ ’ਚ ਲੱਗਣ ਵਾਲੀ ਪ੍ਰਸਤਾਵਿਤ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਧਰਨੇ ਲਗਾ ਰਹੇ ਹਨ ਅਤੇ ਹਰ ਰੋਜ਼ ਪਿੰਡਾਂ ਦੇ ਵਾਸੀ ਭੁੱਖ ਹੜਤਾਲ ’ਤੇ ਬੈਠ ਰਹੇ ਹਨ।
ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ ਕਿ ਇਸ ਸ਼ਰਾਬ ਫੈਕਟਰੀ ਦੇ ਇੱਥੇ ਲੱਗਣ ਨਾਲ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਜੇਕਰ ਉਕਤ ਸ਼ਰਾਬ ਫੈਕਟਰੀ ਦਾ ਨਿਰਮਾਣ ਕੀਤਾ ਜਾਂਦਾ ਹੈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ਰਾਬ ਫੈਕਟਰੀ ਦੀ ਉਸਾਰੀ ਦਾ ਕੰਮ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਮੁੜ ਬਦਲੀ ਬਜਟ ਦੀ ਤਰੀਕ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ