ਜਲਾਲਾਬਾਦ: ਠੇਕਾ ਮੁਾਲਜ਼ਮਾਂ ਵਲੋਂ ਆਪਣੀਆਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਸਬੰਧੀ ਠੇਕਾ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਆਪਣੇ ਚੋਣ ਵਾਅਦਿਆਂ 'ਚ ਠੇਕਾ ਮੁਲਜ਼ਾਮਾਂ ਨੂੰ ਪੱਕਾ ਕਰਨ ਦੀ ਗੱਲ ਕੀਤੀ ਗਈ ਸੀ, ਪਰ ਸਰਕਾਰ ਦੇ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕੀਤੀ ਸੀ, ਜੋ ਹੁਣ ਤੱਕ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਇਲਜ਼ਾਮ ਲਗਾਏ ਹਨ ਕਿ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਦੇ ਇਰਾਦੇ ਨਾਲ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ 'ਤੇ ਵੱਖ-ਵੱਖ ਵਿਭਾਗਾਂ 'ਚ 60 ਹਜ਼ਾਰ ਦੇ ਕਰੀਬ ਪੋਸਟਾਂ ਨੂੰ ਖਤਮ ਕਰ ਦਿੱਤਾ ਗਿਆ।
ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਕਈ ਵਿਭਾਗਾਂ 'ਚ ਠੇਕਾ ਮੁਲਾਜ਼ਮਾਂ ਨੂੰ ਨੋਕਰੀ ਤੋਂ ਫਾਰਗ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਮੀਟਿੰਗ ਦਾ ਸਮਾਂ ਲਿਆ ਗਿਆ ਸੀ, ਪਰ ਉਸ ਨੂੰ ਵੀ ਦੋ ਵਾਰ ਰੱਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਕਰਦੀ ਤਾਂ ਸੰਘਰਸ਼ ਤੇਜ਼ ਕਰਦਿਆਂ ਸਰਕਾਰ ਦਾ ਹਰ ਥਾਂ 'ਤੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਵੇਗਾ।