ਫ਼ਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਜ਼ਿਆਦਾਤਰ ਵਿਭਾਗਾਂ ਦੇ ਮੁਲਾਜ਼ਮ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਹੋਏ ਹਨ। ਇਹ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ ਕਦੇ ਸੀ ਐੱਮ ਸਿਟੀ ਤੇ ਕਦੇ ਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਦੇ ਨਜ਼ਰ ਆਉਦੇ ਹਨ। ਹੁਣ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਤੋਂ ਮੋਰਚਾ ਖੋਲ੍ਹਿਆ ਗਿਆ ਹੈ।
ਆਪਣੀਆਂ ਮੰਗਾਂ ਨੂੰ ਲੈਕੇ ਪੀ.ਆਰ.ਟੀ.ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੰਨ ਘੰਟੇ ਦਾ ਧਰਨਾ ਦਿੱਤਾ ਗਿਆ। ਜਿਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਦੇ ਗੇਟ ਦੇ ਅੱਗੇ ਬੱਸਾਂ ਨੂੰ ਲਗਾ ਕੇ ਆਵਾਜਾਈ ਬੱਸਾਂ ਦੀ ਬੰਦ ਕੀਤੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਉਨ੍ਹਾਂ ਨਾਲ ਦੁਰਵਿਵਹਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ, ਕਿ ਜੇਕਰ 2017 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਵੇਗੀ, ਤਾਂ ਮੈਂ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਾਂਗਾ।
ਪਰ ਅੱਜ ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਵੱਲੋਂ ਆਪਣਾ ਵਾਅਦਾ ਪੂੂਰਾ ਨਹੀਂ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ, ਕਿ ਅੱਜ ਤਾਂ 3 ਘੰਟੇ ਲਈ ਬੱਸਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ ਹੈ।
ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ, ਤਾਂ ਉਹ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਪੀਆਰਟੀਸੀ ਤੇ ਪਨਬੱਸ ਦੀਆਂ ਬੱਸਾਂ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:ਬੱਸ ਸਟੈਂਡ ਨੂੰ ਬੰਦ ਕਰ PRTC ਦੇ ਕੱਚੇ ਮੁਲਾਜਮਾਂ ਨੇ ਕੀਤਾ ਰੋਸ ਪ੍ਰਦਰਸ਼ਨ