ਫ਼ਿਰੋਜਪੁਰ: ਬਿਕਰਮ ਸਿੰਘ ਮਜੀਠੀਆ ਖਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਹੀ ਹਲਕਾ ਜ਼ੀਰਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਦਰਜ ਪਰਚੇ ਦਾ ਕੋਈ ਸਿਰ ਪੈਰ ਨਹੀਂ ਅਤੇ ਇਹ ਪਰਚਾ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਿੰਜਾਈ ਮੰਤਰੀ ਅਤੇ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਕਰਦਿਆਂ ਇਕ ਪੱਤਰਕਾਰ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਪੰਜਾਬ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਹੀ ਨਹੀਂ ਤਾਂ ਉਹਨਾਂ ਦੀ ਪਾਰਟੀ ਦਾ ਆਗੂ ਬਿਕਰਮ ਸਿੰਘ ਮਜੀਠੀਆ ਪੁਲਿਸ ਕੋਲ ਸਰੰਡਰ ਕਿਉਂ ਕਰੇ ? ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਨਿਆਂ ਪਾਲਿਕਾ 'ਤੇ ਪੂਰਾ ਵਿਸ਼ਵਾਸ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਜਾਵੇਗੀ।
ਪੰਜਾਬ ਵਿੱਚ ਵੱਡੀ ਪੱਧਰ 'ਤੇ ਬੇਅਦਬੀਆਂ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਪਹਿਲਾਂ ਆਨੰਦਪੁਰ ਸਾਹਿਬ ਫਿਰ ਸੁਲਤਾਨਪੁਰ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਇੱਕ ਹੋਰ ਜਗ੍ਹਾ 'ਤੇ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਅਤੇ ਵੀਰਵਾਰ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਨੇ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੇ ਰਾਜ ਦਾ ਜਨਾਜ਼ਾ ਕੱਢ ਦਿੱਤਾ ਹੈ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ਪਿੱਛੇ ਕੌਣ ਕੰਮ ਕਰ ਰਿਹਾ ਹੈ, ਇਸ ਦਾ ਪੰਜਾਬ ਸਰਕਾਰ ਨੂੰ ਪਤਾ ਲਗਾ ਕੇ ਲੋਕਾਂ ਦੀ ਕਚਹਿਰੀ ਵਿੱਚ ਦੱਸਣਾ ਚਾਹੀਦਾ ਹੈ।
ਜਨਮੇਜਾ ਸਿੰਘ ਸੇਖੋਂ ਨੇ ਹੋਰ ਦੱਸਿਆ ਕਿ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਕੁੱਝ ਨਹੀਂ ਕੀਤਾ ਅਤੇ ਆਪਣੀਆਂ ਨਾਕਾਮੀਆਂ ਤੋਂ ਆਮ ਲੋਕਾਂ ਦਾ ਧਿਆਨ ਪਾਸੇ ਹਟਾਉਣ ਲਈ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਦੇ ਖਿਲਾਫ਼ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਬਕ ਸਿਖਾਉਣਗੇ।
ਇਹ ਵੀ ਪੜੋ:- ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਸਰਕਾਰ ਨਹੀਂ ਗੰਭੀਰ, ਕੈਪਟਨ ਦੇ ਕਹਿਣ ’ਤੇ...