ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਚੋਣ ਪ੍ਰਚਾਰ ਪੰਜਾਬ 'ਚ ਥੰਮ ਚੁੱਕਿਆ ਹੈ। ਉਥੇ ਹੀ ਕਾਂਗਰਸ ਵਲੋਂ ਇੱਕ ਤੋਂ ਬਾਅਦ ਇੱਕ ਵਿਧਾਇਕ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾ ਰਿਹਾ ਹੈ।
ਇਸ ਦੇ ਚੱਲਦਿਆਂ ਹੁਣ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹਿ ਚੁੱਕੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਬਾਹਰ ਕੀਤਾ ਗਿਆ ਹੈ। ਕਾਂਗਰਸ ਵਲੋਂ ਜਾਰੀ ਪੱਤਰ 'ਚ ਲਿਖਿਆ ਗਿਆ ਹੈ ਕਿ ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚੱਲਦਿਆਂ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਬਾਹਰ ਕੀਤਾ ਜਾਂਦਾ ਹੈ।
ਦੱਸ ਦਈਏ ਕਿ ਵਿਧਾਨਸਭਾ 2017 'ਚ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸਤਿਕਾਰ ਕੌਰ ਗਹਿਰੀ ਮੌਜੂਦਾ ਵਿਧਾਇਕ ਸੀ, ਜਿੰਨਾਂ ਦੀ ਟਿਕਟ ਕੱਟ ਕੇ ਆਮ ਆਦਮੀ ਪਾਰਟੀ ਤੋਂ ਕਾਂਗਰਸ਼ 'ਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਦਿੱਤੀ ਗਈ ਸੀ। ਉਸ ਸਮੇਂ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਵਲੋਂ ਇਸ ਗੱਲ 'ਤੇ ਇਤਰਾਜ਼ ਵੀ ਜਤਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਵੋਟਾਂ ਤੋਂ ਪਹਿਲਾਂ ਕਾਂਗਰਸ ਵਲੋਂ ਇੱਕ-ਇੱਕ ਲਗਾਤਾਰ ਚਾਰ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਬਾਹਰ ਦਾ ਰਾਹ ਦਿਖਾਇਆ ਗਿਆ ਸੀ।
ਇਸ ਦੇ ਨਾਲ ਹੀ ਬੀਤੇ ਦਿਨੀਂ ਕਾਂਗਰਸ ਵਲੋਂ ਹਲਕਾ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀ.ਸੀ ਅਤੇ ਉਸ ਤੋਂ ਬਾਅਦ ਸਮਰਾਲਾ ਤੋਂ ਮੌਜੂਦਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਵੀ ਇਸ ਤਰ੍ਹਾਂ ਹੀ ਪਾਰਟੀ ਤੋਂ ਬਾਹਰ ਕੀਤਾ ਗਿਆ ਸੀ।
ਦੱਸ ਦਈਏ ਕਿ ਉਕਤ ਸਾਰੇ ਪਾਰਟੀ ਤੋਂ ਬਾਹਰ ਕੀਤੇ ਆਗੂਆਂ ਦੀ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ 2022 'ਚ ਟਿਕਟ ਕੱਟੀ ਗਈ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 'ਚੋਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ, ਭਲਕੇ ਸਵੇਰ 8 ਵਜੇ ਤੋਂ ਹੋਵੇਗੀ ਵੋਟਿੰਗ'