ਫਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ ਤੇ ਰੇਲ ਰੋਕੋ ਅੰਦੋਲਨ ਵੀ ਚਲਾਏ ਜਾ ਰਹੇ ਹਨ। ਇਸੇ ਤਹਿਤ ਸੰਯੁਕਤ ਮੋਰਚੇ ਦੇ ਸੱਦੇ ‘ਤੇ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਜੋ ਕਿ ਸਵੇਰੇ ਦਸ ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਜਾਰੀ ਰਿਹਾ।
ਰੇਲ ਦੀਆਂ ਪਟੜੀਆਂ ਤੇ ਬੈਠ ਕੇ ਕਿਸਾਨ ਜਥੇਬੰਦੀਆਂ (Farmers organizations) ਵੱਲੋਂ ਵੱਖ ਵੱਖ ਜਗ੍ਹਾ ‘ਤੇ ਧਰਨੇ ਦਿੱਤੇ ਗਏ। ਇਸੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੱਖੂ ਦੇ ਰੇਲਵੇ ਸਟੇਸ਼ਨ ‘ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਰੇਲ ਦੀਆਂ ਪਟੜੀਆਂ ‘ਤੇ ਬੈਠ ਕੇ ਧਰਨਾ ਦਿੱਤਾ ਤੇ ਰੇਲਾਂ ਨੂੰ ਰੋਕਿਆ।
ਇਸ ਮੌਕੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਧਰਨੇ ਤਾਂ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸਰਕਾਰ ਇੰਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਜੋ ਕਿਸਾਨਾਂ ਦੀ ਤੇ ਪੱਤਰਕਾਰ ਦੀ ਹੱਤਿਆ ਕੀਤੀ ਗਈ ਹੈ ਉਸ ਦੇ ਤਹਿਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਜੇਲ੍ਹ ਵਿੱਚ ਭੇਜਣਾ ਚਾਹੀਦਾ ਹੈ ਤੇ ਇੰਨ੍ਹਾਂ ਸ਼ਹੀਦ ਕਿਸਾਨਾਂ ਨਾਲ ਇਨਸਾਫ ਕਰਨਾ ਚਾਹੀਦਾ ਹੈ। ਇਸ ਮੌਕੇ ਕਿਸਾਨਾਂ ਨੇ ਉਨ੍ਹਾਂ ਸ਼ਹੀਦ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਵੀ ਕੀਤੀ।