ਫ਼ਿਰੋਜ਼ਪੁਰ : ਕੌਮਾਂਤਰੀ ਅੱਤਵਾਦੀ ਐਲਾਨਿਆ ਜੈਸ਼-ਏ-ਮੁਹੰਮਦ ਵੱਲੋਂ ਚੋਣਾਂ ਵਾਲੇ ਦਿਨ ਕੁਝ ਗੜਬੜ ਕਰਨ ਬਾਰੇ ਪੱਤਾ ਚੱਲਦਿਆਂ ਹੀ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਏਜੰਸੀਆਂ ਨੂੰ ਮਿਲੀ ਜਾਣਕਾਰੀ ਦੇ ਆਧਾਰ 'ਤੇ ਪਿਛਲੇ 4 ਦਿਨਾਂ ਤੋਂ ਜੰਮੂ-ਤਵੀ ਤੋਂ ਆਉਣ ਵਾਲੀਆਂ ਰੇਲਾਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ, ਤੇ ਨਾਲ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਹੱਦੀ ਇਲਾਕਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ, ਪਿਛਲੇ 4 ਦਿਨਾਂ ਵਿੱਚ ਜੰਮੂ-ਤਵੀ ਤੋਂ ਅਹਿਮਦਾਬਾਦ ਜਾ ਰਹੀ ਜੰਮੂ-ਤਵੀ ਐਕਸਪ੍ਰੈੱਸ ਰੇਲਗੱਡੀ ਨੂੰ ਹਰੇਕ ਵੱਡੇ ਸਟੇਸ਼ਨ 'ਤੇ ਰੋਕ ਕੇ ਵੱਖ-ਵੱਖ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ 'ਚ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰਾ ਭੱਖਿਆ ਹੋਇਆ ਹੈ, ਤੇ ਉੱਥੇ ਹੀ ਬੇਅਦਬੀ ਮਾਮਲੇ ਨੂੰ ਲੈ ਕੇ ਸਥਿਤੀ ਤਣਾਅਪੁਰਣ ਬਣੀ ਹੋਈ ਹੈ। ਅਜਿਹੇ ਮਾਹੌਲ ਨੂੰ ਹੋਰ ਵਿਗਾੜਨ ਲਈ ਜੈਸ਼-ਏ-ਮੁਹੰਮਦ ਵੱਲੋਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵੱਲੋਂ ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ ਤੇ ਤਰਨਤਾਰਨ ਦੇ ਲੋਕ ਸਭਾ ਹਲਕੇ ਦੇ ਜ਼ਿਆਦਾਤਰ ਪੋਲਿੰਗ ਬੂਥਾਂ 'ਤੇ ਨੀਮ ਫ਼ੌਜੀ ਬਲਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।