ਫਿਰੋਜ਼ਪੁਰ: ਭਾਵੇਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਵਾਲੇ ਦਿਨ ਤਿੰਨੋਂ ਕਿਸਾਨੀ ਬਿੱਲਾਂ ਨੂੰ ਕੇਂਦਰ ਸਰਕਾਰ ਨੇ ਵਾਪਿਸ ਲਿਆ ਸੀ ਪਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲੇ ਕਿਸਾਨ ਅੰਦੋਲਨ ਦੇ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਸੀ। ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ’ਚ ਮੱਖੂ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਗੁਰਮਤਿ ਸਮਾਗਮ ਦੌਰਾਨ ਪੀੜਤ ਕਿਸਾਨ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਚ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪੰਥ ਪ੍ਰਸਿੱਧ ਵਿਦਵਾਨ ਕਵੀਸ਼ਰੀ ਜੱਥਿਆਂ ਨੇ ਬੀਰ ਰਸੀ ਪ੍ਰਸੰਗ ਸੰਗਤਾਂ ਨੂੰ ਸੁਣਾਏ। ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸਟੇਜ ਤੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਮ੍ਰਿਤਕ ਕਿਸਾਨਾਂ ਨੂੰ ਯਾਦ ਕਰਦਿਆਂ ਕਿਸਾਨੀ ਮੁੱਦਿਆਂ ’ਤੇ ਮੋਦੀ ਸਰਕਾਰ ਵੱਲੋਂ ਕੀਤੀ ਵਾਅਦਾਖ਼ਿਲਾਫ਼ੀ ਦੀ ਨਿਖੇਧੀ ਕੀਤੀ ਗਈ। ਇਸਦੇ ਨਾਲ ਹੀ ਵੱਖ ਵੱਖ ਸੂਬਿਆਂ ’ਚ ਕਿਸਾਨਾਂ ’ਤੇ ਹੋਏ ਪਰਚੇ ਰੱਦ ਕਰਨ, ਲਖੀਮਪੁਰ ਖੀਰੀ ਕਾਂਡ ਅਤੇ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ਸੁਖਦੇਵ ਸਿੰਘ ਮੰਡ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਵਿਚ ਰੱਖਿਆ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੀਆਂ ਰਹਿੰਦੀਆਂ ਬਾਕੀ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਨ੍ਹਾਂ ਸਮੇਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ:ਪਰਗਟ ਸਿੰਘ