ਫਿਰੋਜ਼ਪੁਰ: ਪਿੰਡ ਲੋਹਕੇ ਕਲਾਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੰਡੀਆਂ ਵਿੱਚ ਕੈਪਟਨ ਸਰਕਾਰ ਦੁਆਰਾ ਲਗਾਏ ਗਏ ਪਰਾਲੀ ਨਾ ਸਾੜਨ ਵਾਲੇ ਪੋਸਟਰ ਪਾੜ ਦਿੱਤੇ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਵੀ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ ਸੀ, ਉਨ੍ਹਾਂ ਨੂੰ ਅਜੇ ਤੱਕ ਵੀ ਸਰਕਾਰ ਦੁਆਰਾ ਮੁਆਵਜ਼ਾ ਨਹੀਂ ਦਿੱਤਾ ਗਿਆ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਾ ਹੀ ਕੋਈ ਸਬਸਿਡੀ 'ਤੇ ਸੰਦ ਮੁਹੱਈਆ ਕਰਵਾਏ ਗਏ ਹਨ। ਉਲਟਾ ਕਿਸਾਨਾਂ ਉੱਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ ਤੇ ਪਰਚੇ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 6000 ਰੁਪਏ ਪ੍ਰਤੀ ਕਿੱਲਾ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ। ਜਿਸ ਨਾਲ ਕਿਸਾਨ ਮਜ਼ਦੂਰ ਆਪਣੀ ਪਰਾਲੀ ਦੀ ਸਾਂਭ ਸੰਭਾਲ ਕਰ ਸਕਦੇ ਸਨ ਪਰ ਸਰਕਾਰ ਵੱਲੋਂ ਇਸ 'ਤੇ ਕੋਈ ਬਿਆਨ ਨਹੀਂ ਦਿੱਤਾ ਗਿਆ।
ਆਗੂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਇੱਕ ਮਜਬੂਰੀ ਬਣ ਗਿਆ ਹੈ। ਜਿਸ ਦੀ ਜ਼ਿੰਮੇਵਾਰ ਪੰਜਾਬ ਤੇ ਕੇਂਦਰ ਸਰਕਾਰ ਹੈ। ਜਿਸ ਤੋਂ ਭੜਕੇ ਕਿਸਾਨਾਂ ਨੇ ਦਾਣਾ ਮੰਡੀ ਪਿੰਡ ਲਹੁਕੇ ਕਲਾਂ ਵਿਖੇ ਕੈਪਟਨ ਸਰਕਾਰ ਦੇ ਹੋਰਡਿੰਗ ਜਿਸ ਉੱਪਰ ਲਿਖਿਆ ਸੀ ਕਿ ਪਰਾਲੀ ਨੂੰ ਅੱਗ ਨਾ ਲਗਾਓ ਨੂੰ ਉਤਾਰ ਕੇ ਸੁੱਟ ਦਿੱਤਾ।
ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਕੋਈ ਵੀ ਅਫ਼ਸਰ ਕਿਸਾਨਾਂ ਦੇ ਖੇਤਾਂ ਵਿੱਚ ਆਏਗਾ ਤਾਂ ਉਸ ਦਾ ਉੱਥੇ ਹੀ ਘਿਰਾਉ ਕੀਤਾ ਜਾਵੇਗਾ। ਇਸ ਦੇ ਚੱਲਦਿਆਂ ਕਿਸਾਨ ਮਜ਼ਦੂਰਾਂ ਨੂੰ ਇਹ ਖ਼ਬਰ ਮਿਲੀ ਸੀ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪਿੰਡ ਲੋਹਕੇ ਕਲਾਂ ਵਿਖੇ ਆ ਰਿਹਾ ਹੈ। ਕਿਸਾਨ ਜਥੇਬੰਦੀ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਰਲ ਕੇ ਉਨ੍ਹਾਂ ਦਾ ਘਿਰਾਉ ਕਰਨ ਦੀ ਪੂਰੀ ਤਿਆਰੀ ਕੀਤੀ ਗਈ ਸੀ। ਇਸ ਦੀ ਭਿਣਕ ਲੱਗਣ 'ਤੇ ਕੁਲਬੀਰ ਜ਼ੀਰਾ ਪਹਿਲਾਂ ਹੀ ਉੱਥੋਂ ਚਲੇ ਗਏ।