ਫ਼ਿਰੋਜ਼ਪੁਰ: ਗੁਰੂ ਹਰ ਸਹਾਏ ਦੇ ਪਿੰਡ ਕੁਹਾਰ ਵਿਖੇ ਇੱਕ ਨੌਜਵਾਨ ਨੇ ਬਦਨਾਮੀ ਦੇ ਡਰ ਕਾਰਨ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵੀਰਪਾਲ ਸਿੰਘ ਵਜੋਂ ਹੋਈ ਹੈ।
ਵੀਰਪਾਲ ਕੁੱਝ ਦਿਨ ਪਹਿਲਾਂ ਕਿਸੇ ਕੰਮ ਤੋਂ ਨੇੜਲੇ ਪਿੰਡ ਝਾਵਲੇ ਗਿਆ ਸੀ। ਉਥੇ ਕੁੱਝ ਪਿੰਡ ਵਾਸੀਆਂ ਨੇ ਉਸ ਨੂੰ ਗ਼ਲਤੀ ਨਾਲ ਨਸ਼ਾ ਤਸਕਰ ਸਮਝ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਕੁੱਟਮਾਰ ਦੀ ਵੀਡੀਓ ਬਣਾ ਲਈ। ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ। ਜਦ ਵੀਰਪਾਲ ਨੂੰ ਵੀਡੀਓ ਵਾਇਰਲ ਹੋਣ ਬਾਰੇ ਪਤਾ ਲੱਗਾ ਤਾਂ ਉਸ ਨੇ ਬਦਨਾਮੀ ਦੇ ਡਰ ਤੋਂ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਕੁੱਟਮਾਰ ਕਰਨ ਅਤੇ ਵੀਡੀਓ ਵਾਇਰਲ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਬਾਰੇ ਲੱਖੋ ਕੇ ਬਹਿਰਾਮ ਦੇ ਐੱਸਐੱਚਓ ਨੇ ਦੱਸਿਆ ਮ੍ਰਿਤਕ ਦੇ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤੇ ਜਾਣ ਗੱਲ ਕਹੀ ਹੈ।