ਫਿਰੋਜ਼ਪੁਰ: ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਪਰ ਫਿਰੋਜ਼ਪੁਰ ਦਾ ਸਿਵਲ ਹਸਪਤਾਲ ਇਸ ਤੋਂ ਵਾਂਝਾ ਹੈ। ਕੋਰੋਨਾ ਵਾਇਰਸ ਤੋਂ ਬਚਾਅ ਲਈ ਮੁਕੰਮਲ ਸਹੂਲਤਾਂ ਨਾ ਮਿਲਣ ਕਾਰਨ ਇਥੋਂ ਦੇ ਡਾਕਟਰਾਂ 'ਚ ਭਾਰੀ ਰੋਸ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਸਪਲਾਈ ਨਹੀਂ ਹੋ ਰਹੇ। ਸਿਵਲ ਹਸਪਤਾਲ 'ਚ ਡਾਕਟਰਾਂ ਦੀ ਸੁਰੱਖਿਆ ਲਈ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਤੇ ਨਾਂ ਹੀ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਪੈਸ਼ਲ ਕਿਟਸ ਮੁਹੱਈਆ ਕਰਵਾਈਆਂ ਗਈਆਂ ਹਨ। ਡਾਕਟਰ ਆਪਣੀ ਜਾਨ ਖ਼ਤਰੇ 'ਚ ਪਾ ਕੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਰੋਜ਼ਾਨਾ ਵੱਡੀ ਗਿਣਤੀ 'ਚ ਮਰੀਜ਼ ਆਉਂਦੇ ਹਨ, ਡਾਕਟਰਾਂ ਤੇ ਮੈਡੀਕਲ ਸਟਾਫ ਵੱਲੋਂ ਮਰੀਜ਼ਾਂ ਦਾ ਇਲਾਜ, ਐਕਸਰੇ ਆਦਿ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਲਈ ਖ਼ਤਰਾ ਹੋਰ ਵੱਧ ਜਾਂਦਾ ਹੈ। ਜੇਕਰ ਕੋਈ ਮਰੀਜ਼ ਕੋਰੋਨਾ ਪੀੜਤ ਹੁੰਦਾ ਹੈ ਤਾਂ ਉਹ ਵੀ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਸਕਦੇ ਹਨ।
ਹੋਰ ਪੜ੍ਹੋ : ਜੇਲ੍ਹ 'ਚ ਮਾਸਕ ਤਿਆਰ ਕਰ ਰਹੇ ਕੈਦੀ, ਕੈਪਟਨ ਨੇ ਕੀਤੀ ਸ਼ਲਾਘਾ
ਸਿਵਲ ਹਸਪਤਾਲ ਦੇ ਡਾਕਟਰਾਂ ਤੇ ਮੈਡੀਕਲ ਸਟਾਫ਼ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਮਾਸਕ, ਗਲਵਜ਼ ,ਕੈਪ ਤੇ ਸੈਨੇਟਾਈਜ਼ਰ ਦੀ ਸਪਲਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਮਰੀਜ਼ਾਂ ਦੇ ਨਾਲ-ਨਾਲ ਡਾਕਟਰਾਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ।