ਫਿਰੋਜ਼ਪੁਰ:ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਹੜਤਾਲ ਕੀਤੀ ਹੈ। ਇਸ ਦੇ ਚਲਦੇ ਰੋਡਵੇਜ਼ ਬੱਸਾਂ ਨਹੀਂ ਚੱਲ ਰਹੀਆਂ ਤੇ ਯਾਤਰੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਜ਼ੀਰਾ ਬੱਸ ਸਟੈਂਡ ਪੁੱਜੇ ਯਾਤਰੀਆਂ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਹੜਤਾਲ ਕਾਰਨ ਬੱਸ ਸਰਵਿਸ ਠੱਪ ਪੈ ਗਈ ਹੈ ਤੇ ਉਨ੍ਹਾਂ ਨੂੰ ਦਿੱਕਤ ਪੇਸ਼ ਆ ਰਹੀ ਹੈ। ਇਸ ਦੌਰਾਨ ਕੁੱਝ ਵਿਦਿਆਰਥੀਆਂ ਨੇ ਦੱਸਿਆ ਕਿ ਸਰਕਾਰੀ ਪਾਸ ਬਣਵਾਉਣ ਦੇ ਬਾਵਜੂਦ ਉਨ੍ਹਾਂ ਪ੍ਰਾਈਵੇਟ ਬੱਸਾਂ 'ਚ ਸਫਰ ਕਰਨਾ ਪੈ ਰਿਹਾ ਹੈ ਤੇ ਬੱਸ ਨਾ ਚੱਲਣ ਕਾਰਨ ਉਹ ਪੇਪਰ ਦੇਣ ਲੇਟ ਪੁੱਜੇ। ਇਸ ਮਗਰੋਂ ਉਨ੍ਹਾਂ ਦਾ ਪੇਪਰ ਰੱਦ ਹੋ ਗਿਆ। ਯਾਤਰੀਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ।
ਉਥੇ ਹੀ ਦੂਜੇ ਪਾਸੇ ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਇਹ ਭੁੱਖ ਹੜਤਾਲ ਕਰ ਰਹੇ ਹਨ। ਦੂਜੇ ਦਿਨ ਵੱਡੀ ਗਿਣਤੀ 'ਚ ਰੋਡਵੇਜ਼ ਮੁਲਾਜ਼ਮ ਪਟਿਆਲਾ ਵਿਖੇ ਮੁੱਖ ਮੰਤਰੀ ਦਾ ਘਿਰਾਓ ਕਰਨ ਗਏ ਹਨ।
ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਤੇ ਪੇਅ ਕਮੀਸ਼ਨ ਦੇਣ ਦਾ ਵਾਅਦਾ ਕੀਤਾ ਸੀ। ਚਾਰ ਸਾਲ ਬੀਤ ਜਾਣ ਮਗਰੋਂ ਵੀ ਪੰਜਾਬ ਸਰਕਾਰ ਵੱਲੋਂ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਤੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।