ਫਿਰੋਜ਼ਪੁਰ : ਪੰਜਾਬ ਵਿਚ ਵਧ ਰਹੇ ਨਸ਼ੇ ਤੇ ਗੈਂਗਸਟਰਵਾਦ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਲਗਾਤਾਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਹਦਾਇਤਾਂ ਨੂੰ ਲੈ ਕੇ ਕਾਰਵਾਈ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੰਜਾਬ ਪੁੁਲਿਸ ਦੀਆਂ 40 ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਉਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਵੀ ਕੀਤਾ ਗਿਆ।
ਜ਼ਿਲ੍ਹਾ ਫਿਰੋਜ਼ਪੁਰ ਦੇ ਐੱਸਐੱਸਪੀ ਕੰਵਰਦੀਪ ਕੌਰ ਵੱਲੋਂ ਐੱਸਪੀਡੀ ਰਣਧੀਰ ਕੁਮਾਰ ਦੀ ਅਗਵਾਈ ਹੇਠ 40 ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ ਉਤੇ ਛਾਪੇਮਾਰੀ ਕੀਤੀ ਗਈ। ਇਸ ਮੌਕੇ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ 120 ਦੇ ਕਰੀਬ ਮੁਲਜ਼ਮ ਹਨ, ਜਿਨ੍ਹਾਂ ਖਿਲਾਫ ਇਹ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਜਾਣਕਾਰੀ ਫਿਲਹਾਲ ਗੁਪਤ ਰੱਖੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 250 ਦੇ ਕਰੀਬ ਮੁਲਾਜ਼ਮਾਂ ਵੱਲੋਂ ਟੀਮਾਂ ਬਣਾ ਕੇ ਇਹ ਰੇਡ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : MP Mann supported Khalistan: ਸਾਂਸਦ ਸਿਮਰਨਜੀਤ ਮਾਨ ਨੇ ਅਮਿਤ ਸ਼ਾਹ ਦੇ ਬਿਆਨ 'ਤੇ ਲਈ ਚੁਟਕੀ
ਬਠਿੰਡਾ ਵਿਚ 70 ਤੋਂ 80 ਥਾਵਾਂ ਉਤੇ ਛਾਪੇਮਾਰੀ : ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਤੇ ਇਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਕੱਲ੍ਹ ਵੀ ਪੰਜਾਬ ਭਰ ਵਿਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਬੀਤੇ ਕੱਲ੍ਹ ਐੱਸਐੱਸਪੀ ਜੇ ਏਲਨਚੇਜ਼ੀਅਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਵਿੱਚ 70 ਤੋਂ 80 ਥਾਵਾਂ ਉੱਪਰ ਅੱਜ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਇਸ ਸਰਚ ਅਭਿਆਨ ਵਿੱਚ ਐੱਸਪੀ ਡੀਐਸਪੀ ਖੁਦ ਅਗਵਾਈ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਸਬੰਧ ਰੱਖਣ ਵਾਲੇ ਲੋਕਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਸੀ ਜੋ ਕਿ ਕਿਸੇ ਨਾ ਰੂਪ ਵਿੱਚ ਗੈਂਗਸਟਰਾਂ ਨੂੰ ਮਦਦ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਬਕਾਇਦਾ ਲਿਸਟ ਵਿੱਚ ਉਨ੍ਹਾਂ ਲੋਕਾਂ ਦੇ ਨਾਮ ਵੀ ਸ਼ਾਮਲ ਹਨ ਜੋ ਜੇਲ੍ਹ ਵਿੱਚ ਗੈਂਗਸਟਰਾਂ ਦੇ ਨਾਲ ਰਹੇ ਹਨ ਅਤੇ ਹੁਣ ਜ਼ਮਾਨਤ ਉੱਤੇ ਬਾਹਰ ਆਏ ਹੋਏ ਹਨ। ਉਨ੍ਹਾਂ ਕਿਹਾ ਕਈ ਲੋਕਾਂ ਨੂੰ ਜੋ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਗੈਂਗਸਟਰਾਂ ਨੂੰ ਫੋਲੋ ਕਰਦੇ ਹਨ ਉਨ੍ਹਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ ਹੈ।