ਫਿਰੋਜ਼ਪੁਰ: ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕੇ ’ਚ ਫਿਰੋਜ਼ਪੁਰ ਫਾਜ਼ਿਲਕਾ ਜੀਟੀ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ।
ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਖੰਨਾ ਨੇ ਦੱਸਿਆ ਕਿ 646 ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ ਦੌਰਾਨ ਕੈਬਨਿਟ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਕੇ ਉਕਤ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿਤਾ ਸੀ ਅਤੇ ਉਨ੍ਹਾਂ ਦੇ ਬੇਟੇ ਹੀਰਾ ਸੋਢੀ ਵੱਲੋਂ ਸੰਘਰਸ਼ ਦੌਰਾਨ ਮੰਗਾਂ ਲਈ ਪਾਣੀ ਦੀ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਭਰੋਸਾ ਦੇ ਕੇ ਥੱਲੇ ਉਤਾਰਿਆ ਗਿਆ ਸੀ।
ਆਗੂ ਨੇ ਦੱਸਿਆ ਕਿ ਕੈਬਨਿਟ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਉਸਦੇ ਪਰਿਵਾਰ ਵੱਲੋਂ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਦਿੱਤੇ ਗਏ ਭਰੋਸੇ ਅੱਜ ਤੱਕ ਸਿਰਫ ਝੂਠੇ ਲਾਰੇ ਹੀ ਸਾਬਤ ਹੋਏ ਹਨ ਅਤੇ ਹੁਣ ਉਹ ਸੋਢੀ ਪਰਿਵਾਰ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ। ਯੂਨੀਅਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ ਉਹ ਇਸ ਜਾਮ ਨੂੰ ਨਹੀਂ ਖੋਲ੍ਹਣਗੇ।