ਫ਼ਿਰੋਜ਼ਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਗ਼ਰੀਬਾਂ ਦੀ ਸੁਵਿਧਾ ਲਈ ਲਗਾਤਾਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਕਈ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਯੋਗਦਾਨ ਪਾਉਂਦੀਆਂ ਹਨ ਪਰ ਸੇਵਾ ਕਰਨ ਮੌਕੇ ਲੋਕਾਂ ਦੀ ਭੀੜ ਕਾਰਨ ਕੋਰੋਨਾ ਵਾਇਰਸ ਦਾ ਖ਼ਤਰਾ ਵਧ ਜਾਂਦਾ ਹੈ। ਇਸ ਕਰਕੇ ਸਮਾਜ ਸੇਵਾ ਸੰਸਥਾਵਾਂ ਆਪਣੇ ਪੈਰ ਪਿੱਛੇ ਪੱਟਦੀਆਂ ਨਜ਼ਰ ਆ ਰਹੀਆਂ ਹਨ।
ਹਲਕੇ ਦੇ ਦਿਹਾਤੀ ਇਲਾਕੇ ਵਿੱਚ ਸੂਬਾ ਸਰਕਾਰ ਵੱਲੋਂ 3 ਮਹੀਨਿਆਂ ਦੀ ਕਣਕ ਇੱਕੋ ਵਾਰ 'ਚ ਹੀ ਵੰਡੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਰਫ਼ਿਊ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਜਸਮੇਲ ਸਿੰਘ ਲਾਡੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਲਈ ਮੁਹੱਈਆ ਕਰਵਾਈ ਗਈ ਕਣਕ ਲੋਕਾਂ ਨੂੰ ਵੰਡੀ ਜਾ ਰਹੀ ਹੈ। ਕਣਕ ਵੰਡਣ ਸਮੇਂ ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਿਆ ਗਿਆ ਅਤੇ ਲੋਕਾਂ ਨੇ ਦੂਰ-ਦੂਰ ਖੜ੍ਹੇ ਹੋ ਕੇ ਆਪਣੀ ਕਣਕ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ: ਕੈਪਟਨ ਨੇ 3 ਤਾਰੀਕ ਤੱਕ ਕਰਫਿਊ 'ਚ ਕੋਈ ਵੀ ਰਾਹਤ ਦੇਣ ਤੋਂ ਕੀਤਾ ਸਾਫ਼ ਇਨਕਾਰ
ਉਧਰ ਹਲਕੇ ਵਿੱਚ ਆਏ ਕੋਰੋਨਾ ਪੌਜ਼ੀਟਿਵ ਮਾਮਲੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਜਸਮੇਲ ਸਿੰਘ ਲਾਡੀ ਨੇ ਕਿਹਾ ਕਿ ਉਸ ਮਰੀਜ਼ ਨੂੰ ਲੁਧਿਆਣਾ ਤੋਂ ਫ਼ਿਰੋਜ਼ਪੁਰ ਭੇਜਣਾ ਪ੍ਰਸ਼ਾਸਨ ਦੀ ਬਹੁਤ ਵੱਡੀ ਗ਼ਲਤੀ ਹੈ। ਉਸ ਦਾ ਇਲਾਜ ਉਥੇ ਹੀ ਹੋਣਾ ਚਾਹੀਦਾ ਸੀ।
ਜਾਣਕਾਰੀ ਲਈ ਦੱਸ ਦਈਏ ਕਿ ਲੁਧਿਆਣਾ ਵਿੱਚ ਆਏ ਇੱਕ ਪੌਜ਼ੀਟਿਵ ਮਰੀਜ਼ ਦਾ ਸੁਰੱਖਿਆ ਕਰਮੀ ਵੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਜੋ ਕਿ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ। ਉਸ ਦਾ ਲੁਧਿਆਣਾ ਵਿੱਚ ਇਲਾਜ ਕਰਨ ਦੀ ਥਾਂ ਉਸ ਨੂੰ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ।