ਗੁਰਦਾਸਪੁਰ: ਬਰਸਾਤੀ ਮੌਸਮ ਸ਼ੁਰੂ ਹੁੰਦਿਆਂ ਹੀ ਰਾਵੀ ਦਰਿਆ ਨੇੜੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਜਿਸ ਕਰਕੇ ਪ੍ਰਸ਼ਾਸਨ ਵੱਲੋਂ 2 ਲੱਖ ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ । ਜਿਸ ਕਰਕੇ ਰਾਵੀ ਦਰਿਆ ਅੰਦਰ ਵੀ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ ।
ਘਰਾਂ ਨੂੰ ਕਰਵਾਇਆ ਖਾਲੀ: ਰਾਵੀ ਦਰਿਆ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਅੰਦਰ ਹੜ੍ਹਾਂ ਵਰਗੀ ਸਥਿਤੀ ਬਣ ਚੁੱਕੀ ਹੈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀ ਦਾ ਪੱਧਰ ਵੱਧਣ ਕਰਕੇ ਜ਼ਿਲ੍ਹਾ ਪ੍ਰਸਾਸ਼ਨ ਨੇ ਰਾਵੀ ਦਰਿਆ ਦੇ ਨੇੜਲੇ ਕਈ ਪਿੰਡਾਂ ਨੂੰ ਖਾਲੀ ਕਰਵਾ ਦਿੱਤਾ ਹੈ ਅਤੇ ਗੂਜਰ ਭਾਈਚਾਰਿਆਂ ਦੇ ਡੇਰੇ ਵੀ ਖਾਲੀ ਕਰਵਾ ਦਿੱਤੇ ਗਏ ਹਨ। ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਕਿਸਾਨਾਂ ਦੀਆਂ ਫਸਲਾਂ ਵੀ ਖਰਾਬ ਹੋ ਚੁੱਕੀਆਂ ਹਨ ਅਤੇ ਰਾਵੀ ਦਰਿਆ ਤੋਂ ਪਾਰ ਵਸਦੇ ਸਭ ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਬਿਲਕੁਲ ਟੁੱਟ ਚੁੱਕਾ ਹੈ । ਪਹਿਲਾਂ ਕਿਸ਼ਤੀ ਦੇ ਜਰੀਏ ਪਿੰਡ ਦੇ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਪਹੁੰਚਾਇਆ ਜਾਂਦਾ ਸੀ ਪਰ ਪਾਣੀ ਵੱਧਣ ਕਰਕੇ ਹੁਣ ਕਿਸ਼ਤੀ ਵੀ ਬੰਦ ਹੋ ਚੁੱਕੀ ਹੈ ਅਤੇ ਇਹ ਸੱਤ ਪਿੰਡ ਇਕ ਟਾਪੂ ਬਣਕੇ ਰਹਿ ਚੁੱਕੇ ਹਨ ।
ਪ੍ਰਸ਼ਾਸ਼ਨ ਤੋਂ ਮੰਗ: ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਮੈਡੀਕਲ ਸਹੂਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਪਾਰ ਵੱਸਦੇ ਲੋਕਾਂ ਤੱਕ ਪਹੁੰਚਾਈਆਂ ਜਾਣ। ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਜਾਇਜਾ ਲੈਣ ਦੇ ਲਈ ਮਕੌੜਾ ਪੱਤਣ ਪਹੁੰਚੇ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਬੀਡੀਪੀਓ ਦੀਨਾਨਗਰ ਹੀਰਾ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਗਰ ਸਥਿਤੀ ਹੋਰ ਜ਼ਿਆਦਾ ਵਿਗੜਦੀ ਹੈ ਤਾਂ ਬੀਐਸਐਫ,ਆਰਮੀ ਦੇ ਜਵਾਨਾਂ ਨਾਲ ਸੰਪਰਕ ਕਰ ਪਾਰ ਵੱਸਦੇ ਪਿੰਡਾਂ ਅਤੇ ਨੇੜਲੇ ਇਲਾਕੇ ਦੇ ਵਿੱਚ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇ ਨਾਲ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਗਈਆ।
ਲੋਕਾਂ ਨੂੰ ਵੀ ਅਪੀਲ: ਜ਼ਿਲ੍ਹਾ ਪ੍ਰਸਾਸ਼ਨ ਲਗਾਤਾਰ ਬੀਐਸਐਫ ਅਤੇ ਆਰਮੀ ਜਵਾਨਾਂ ਦੇ ਨਾਲ ਸੰਪਰਕ ਵਿਚ ਹਨ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਲਈ ਤਿਆਰ ਹਨ ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਹਾਲਾਤ ਖਰਾਬ ਹੁੰਦੇ ਹਨ ਤਾਂ ਤੁਰੰਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1800-180-1852 ਅਤੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 'ਤੇ ਸੂਚਨਾ ਦਿੱਤੀ ਜਾਵੇ।