ਗੁਰਦਾਸਪੁਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਹੈ ਕਿ 1200 ਕਰੋੜ ਬਿਜਲੀ ਦਾ ਬਕਾਇਆ ਪੰਜਾਬ ਸਰਕਾਰ ਦੇਵੇਗੀ ਅਤੇ ਜਿਨ੍ਹਾਂ ਲੋਕਾਂ ਦਾ ਬਿਜਲੀ ਬਕਾਇਆ 1000 ਤੋਂ ਲੈ ਕੇ 1 ਲੱਖ ਤੱਕ ਖੜਿਆ ਹੈ ਉਹ ਮੁਆਫ਼ ਕੀਤਾ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਪੰਜਾਬ ਵਿੱਚ ਬਕਾਇਆ ਬਿਜਲੀ ਬਿਲ ਮਾਫ (Electricity bills waved off) ਕਰਨ ਦਾ ਵੱਡਾ ਐਲਾਨ ਕੀਤਾ ਹੈ ਤੇ ਅਗਲੇ ਦੋ ਤਿੰਨ ਦਿਨਾਂ ਵਿੱਚ ਇੱਕ ਹੋਰ ਵੱਡੀ ਰਾਹਤ ਦਿੱਤੀ ਜਾਵੇਗੀ, ਸੂਬੇ ਵਿੱਚ ਬਿਜਲੀ ਸਸਤੀ ਕਰਨ ਦਾ ਐਲਾਨ ਹੋਵੇਗਾ। ਕੈਬਨਿਟ ਨੇ ਇੱਥੇ ਇੱਕ ਮੀਟਿੰਗ ਵਿੱਚ ਦੋ ਕਿਲੋਵਾਟ ਵਾਲੇ ਖਪਤਕਾਰਾਂ ਦਾ ਬਕਾਇਆ ਬਿਲ ਤਾਂ ਮਾਫ ਕੀਤਾ ਹੀ ਹੈ, ਸਗੋਂ ਇੱਕ ਲੱਖ ਕੁਨੈਕਸ਼ਨ ਬਹਾਲ ਕਰਨ ਦੀ ਗੱਲ ਵੀ ਕਹੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਹੀ ਪੰਜਾਬ ਵਿੱਚੋਂ ਰੇਤ ਮਾਫੀਆ ਖਤਮ ਕਰ ਦਿੱਤਾ ਜਾਵੇਗਾ।
ਜਿਸ ਤੋਂ ਬਾਅਦ ਗੁਰਦਾਸਪੁਰ ਵਿੱਚ ਆਮ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਇਸ ਐਲਾਨ ਤੋਂ ਬਾਅਦ ਆਮ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਪਿੰਡ ਹਰਦੋ ਝੰਡੇ ਦੇ ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਜੋ ਕਿ ਪੰਜਾਬ ਸਰਕਾਰ ਨੇ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦਾ ਬਿਜਲੀ ਬਿੱਲ ਮੁਆਫ ਕੀਤਾ ਹੈ।
ਇਹ ਵੀ ਪੜ੍ਹੋ:ਚੰਨੀ ਸਰਕਾਰ ਵੱਲੋਂ ਦੋ ਕਿਲੋਵਾਟ ਵਾਲਿਆਂ ਦਾ ਬਿਜਲੀ ਬਿਲ ਮਾਫ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਬਿੱਲ 3 ਹਜਾਰ ਰੁਪਏ ਦੇ ਕਰੀਬ ਸੀ ਉਹ ਬਿਜਲੀ ਬਿੱਲ ਭਰਨ ਵਿੱਚ ਅਸਮਰੱਥ ਸਨ ਕਿਉਂਕਿ ਉਨ੍ਹਾਂ ਦਾ ਪਰਿਵਾਰ ਬਹੁਤ ਗਰੀਬ ਸੀ, ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਦਾ ਬਿਜਲੀ ਬਿੱਲ ਮੁਆਫ਼ ਕੀਤਾ ਗਿਆ ਹੈ।