ਗੁਰਦਾਸਪੁਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਨ ਦੀ ਥਾਂ ਸੂਬੇ ਦੇ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਹ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਲਿਆਂਦੇ ਗਏ ਆਰਡੀਨੈਸਾਂ ਨੂੰ ਕਿਸਾਨ ਪੱਖੀ ਸਮਝਦੇ ਹਨ ਜਾਂ ਕਿਸਾਨ ਮਾਰੂ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਆਗਾਮੀ ਪਾਰਲੀਮੈਂਟ ਸੈਸ਼ਨ ਦੌਰਾਨ ਉਹਨਾਂ ਦੀ ਪਾਰਟੀ ਇਹਨਾਂ ਆਰਡੀਨੈਸਾਂ ਦੇ ਹੱਕ ਵਿੱਚ ਭੁਗਤੇਗੀ ਜਾਂ ਵਿਰੋਧ ਕਰੇਗੀ।
ਬਾਜਵਾ ਨੇ ਅੱਜ ਇਥੋਂ ਜਾਰੀ ਕੀਤੇ ਗਏ ਆਪਣੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਅਜੇ ਵੀ ਮੋਮੋਠਗਣੀਆਂ ਗੱਲਾਂ ਕਰ ਕੇ ਇਹਨਾਂ ਕਿਸਾਨ ਮਾਰੂ ਆਰਡੀਨੈਂਸਾਂ ਉੱਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਚੰਗੀ ਤਰਾਂ ਪਤਾ ਹੈ ਕਿ ਇਹ ਆਰਡੀਨੈਂਸ ਪਾਰਲੀਮੈਂਟ ਵਿੱਚ ਇਸੇ ਸੈਸ਼ਨ ਦੌਰਾਨ ਅਤੇ ਇਸੇ ਰੂਪ ਵਿੱਚ ਪੇਸ਼ ਕੀਤੇ ਜਾਣੇ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਖ਼ਦਸ਼ੇ ਦੂਰ ਕਰਨ ਤੋਂ ਬਾਅਦ ਹੀ ਇਨ੍ਹਾਂ ਆਰਡੀਨੈਂਸਾਂ ਨੂੰ ਪੇਸ਼ ਕਰਨ ਦੀ ਅਪੀਲ ਦਾ ਢੌਂਗ ਰਚਣ ਦੀ ਥਾਂ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਵਿੱਚ ਕੋਈ ਸੋਧ ਪ੍ਰਸਤਾਵ ਪੇਸ਼ ਕਰੇਗੀ ਜਾਂ ਇਨ੍ਹਾਂ ਦਾ ਵਿਰੋਧ ਕਰੇਗੀ ਅਤੇ ਜਾਂ ਫਿਰ ਆਪਣੇ ਪੁਰਾਣੇ ਸਟੈਂਡ ਅਨੁਸਾਰ ਇਨ੍ਹਾਂ ਨੂੰ ਕਿਸਾਨ ਹਿਮਾਇਤੀ ਦਸ ਕੇ ਇਸ ਦੇ ਹੱਕ ਵਿੱਚ ਭੁਗਤੇਗੀ।
ਪੰਚਾਇਤ ਮੰਤਰੀ ਨੇ ਕਿਹਾ ਕਿ ਦਰਅਸਲ ਸੁਖਬੀਰ ਸਿੰਘ ਬਾਦਲ ਨੂੰ ਪਹਿਲੇ ਦਿਨ ਤੋਂ ਹੀ ਇਹ ਸਪੱਸ਼ਟ ਸੀ ਕਿ ਇਹ ਆਰਡੀਨੈਂਸ ਕਿਸਾਨੀ ਲਈ ਮਾਰੂ ਸਾਬਤ ਹੋਣ ਦੇ ਨਾਲ ਨਾਲ ਸੂਬਿਆਂ ਦੇ ਅਧਿਕਾਰਾਂ ਉੱਤੇ ਵੀ ਡਾਕਾ ਮਾਰਦੇ ਹਨ ਪਰ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਚਾਉਣ ਦੀ ਖ਼ਾਤਰ ਕਿਸਾਨੀ ਹਿੱਤਾਂ ਅਤੇ ਪੰਜਾਬ ਨਾਲ ਨੰਗੀ ਚਿੱਟੀ ਗਦਾਰੀ ਕਰ ਕੇ ਇਹਨਾਂ ਆਰਡੀਨੈਸਾਂ ਨੂੰ ਬੜੀ ਹੀ ਢੀਠਤਾਈ ਨਾਲ ਕਿਸਾਨਾਂਲਈ ਫਾਇਦੇਮੰਦ ਗਰਦਾਨਦੇ ਆ ਰਹੇ ਹਨ। ਉਹਨਾਂ ਕਿਹਾ ਕਿ ਆਪਣੇ ਝੂਠ ਨੂੰ ਸੱਚ ਬਣਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਬਜ਼ੁਰਗ ਪਿਤਾ ਪ੍ਰਕਾਸ਼ ਸਿੰਘ ਬਾਦਲ ਤੋਂ ਆਰਡੀਨੈਂਸਾਂ ਦੇ ਹੱਕ ਵਿਚ ਬਿਆਨ ਦਵਾ ਕੇ ਉਹਨਾਂ ਦਾ ਬਚਿਆ ਖੁੱਚਿਆ ਵਕਾਰ ਵੀ ਦਾਅ ਉੱਤੇ ਲਾ ਦਿੱਤਾ।
ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਰਡੀਨੈਸਾਂ ਉੱਤੇ ਲਿਆ ਗਿਆ ਨਵਾਂ ਪੈਂਤੜਾ ਲੋਕ ਰੋਹ ਤੋਂ ਡਰਦਿਆਂ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਰਚਿਆ ਗਿਆ ਇਕਨਵਾਂ ਢੌਂਗ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਚ ਨਿੱਜੀ ਅਤੇ ਪਰਿਵਾਰਕ ਹਿੱਤਾਂ ਤੋਂ ਉਪਰ ਉੱਠ ਕੇ ਪੰਜਾਬ ਅਤੇ ਕਿਸਾਨੀ ਹਿੱਤਾਂ ਲਈ ਲੜਣ ਦਾ ਮਾਦਾ ਹੀ ਨਹੀਂ ਹੈ।