ਗੁਰਦਾਸਪੁਰ: ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਓਲੰਪੀਅਨ ਪਹਿਲਵਾਨਾਂ ਵਲੋ ਦਿੱਲੀ ਜੰਤਰ ਮੰਤਰ ਵਿਖੇ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪਹਿਲਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਲਈ ਗੁਰਦਾਸਪੁਰ ਵਿੱਚ ਵੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਖਿਲਾਫ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸਦੇ ਨਾਲ ਹੀ ਘਰ ਦਾ ਖਾਣਾ ਚੌਂਕ ਵਿਖੇ ਬ੍ਰਿਜ ਭੂਸ਼ਣ ਦਾ ਪੁਤਲਾ ਸਾੜਿਆ ਗਿਆ ਹੈ ਅਤੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਉਸਨੂੰ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਹਟਾਇਆ ਜਾਵੇ।
ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰਨ ਦੀ ਮੰਗ : ਜਾਣਕਾਰੀ ਦਿੰਦਿਆਂ ਆਗੂਆਂ ਨੇ ਦਸਿਆ ਕਿ ਦਿੱਲੀ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪੋਕਸੋ ਤਹਿਤ ਪਰਚਾ ਦਰਜ ਦੀ ਮੰਗ ਨੂੰ ਲੈਕੇ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਬਾਅਦ ਹਾਈਕੋਰਟ ਦੇ ਦਖਲ ਤੋਂ ਬਾਅਦ ਬ੍ਰਿਜ ਭੂਸ਼ਨ ਦੇ ਖਿਲਾਫ ਮਾਮਲਾ ਵੀ ਦਰਜ ਹੋ ਚੁੱਕਾ ਹੈ ਪਰ ਹਾਲੇ ਤੱਕ ਨਾ ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਸਨੂੰ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਹਟਾਇਆ ਗਿਆ ਹੈ, ਜਿਸ ਕਰਕੇ ਸਮੁੱਚੇ ਖਿਡਾਰੀਆਂ ਦੇ ਮਨਾਂ ਅੰਦਰ ਰੋਸ ਦੀ ਲਹਿਰ ਹੈ।
ਇਹ ਵੀ ਪੜ੍ਹੋ : Congress released manifesto: ਕਰਨਾਟਕ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਜਾਰੀ ਕੀਤਾ ਚੋਣ ਮੈਨੀਫੈਸਟੋ, ਜਾਣੋ ਕੀ ਹੈ ਖ਼ਾਸ
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਸ਼ਹਿਰ ਵਿੱਚ ਬ੍ਰਿਜ ਭੂਸ਼ਣ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਸਦਾ ਪੁਤਲਾ ਸਾੜਿਆ ਗਿਆ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕੀ ਬ੍ਰਿਜ ਭੂਸ਼ਨ ਨੂੰ ਜਲਦ ਤੋਂ ਜਲਦ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਲਾਂਭੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਜੇਕਰ ਸਰਕਾਰ ਨੇ ਇਸਦੇ ਖਿਲਾਫ ਸਖਤ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ।