ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਹੂਲਤਾਂ ਦੇਣ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਵੱਲੋਂ ਗੁਰਦਾਸਪੁਰ ਦੇ ਪਿੰਡ ਸ਼ੇਖੂਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਮੰਤਰੀ ਅਰੁਣਾ ਚੌਧਰੀ ਨੇ ਆਖਿਆ ਕਿ ਪੰਜਾਬ ਸਰਕਾਰ ਉੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਤੇ ਇਸੇ ਤਹਿਤ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਸਕੂਲਾਂ ਵਾਂਗ ਸਮਾਰਟ ਸਕੂਲ ਪ੍ਰੋਜੈਕਟ ਸ਼ੁਰੂ ਕਰਨ ਦੀ ਤਿਆਰੀ ਚੱਲ ਰਹੀ ਹੈ ਅਤੇ ਪਹਿਲੇ ਪੜਾਵ 'ਚ ਕੁਝ ਸਕੂਲਾਂ ਦੀ ਚੋਣ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ਾਹ ਫ਼ੈਜ਼ਲ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ 'ਚ ਲੈ ਕੇ ਵਾਪਿਸ ਭੇਜਿਆ ਕਸ਼ਮੀਰ
ਕੈਬਿਨੇਟ ਮੰਤਰੀ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ 25 ਸਕੂਲਾਂ ਲਈ ਕਰੀਬ ਡੇਢ ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਸ ਗ੍ਰਾਂਟ ਰਾਸ਼ੀ ਨਾਲ 25 ਸਕੂਲਾਂ 'ਚ ਸਮਾਰਟ ਕਲਾਸ ਪ੍ਰੋਜੈਕਟ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬੱਚਿਆਂ ਨੂੰ ਇੰਟਰਨੈੱਟ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤੇ ਆਉਣ ਵਾਲੇ ਸਮੇਂ ਵਿੱਚ ਲੋੜ ਮੁਤਾਬਕ ਸਰਕਾਰੀ ਸਕੂਲਾਂ ਲਈ ਟੀਚਰਾਂ ਦੀ ਵੀ ਭਰਤੀ ਕੀਤੀ ਜਾਵੇਗੀ।