ਬਟਾਲਾ: ਗੁਰਦਾਸਪੁਰ ਦੇ ਬਟਾਲਾ ਵਿੱਚ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਚ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਹੁੰਚੇ ਜਿੱਥੇ ਉਨ੍ਹਾਂ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ।
ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਮੈਜਿਸਟ੍ਰਿਅਲ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਹੋਵੇਗਾ ਉਸ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ 2017 'ਚ ਜੋ ਘਟਨਾ ਹੋਈ ਸੀ ਉਸ ਦੀ ਜਾਂਚ ਪੂਰੀ ਕਿਉਂ ਨਹੀਂ ਹੋਈ, ਇਸ ਦੀ ਵੀ ਪੂਰੀ ਪੜਤਾਲ ਕੀਤੀ ਜਾਵੇਗੀ। ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਹਨ। ਇਸ ਘਟਨਾ 'ਚ ਹੁਣ ਤੱਕ 23 ਲੋਕ ਮਾਰੇ ਗਏ ਹਨ ਅਤੇ ਜ਼ਖਮੀ ਹੋਏ ਕਈ ਲੋਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਤੁਹਾਨੂੰ ਦੱਸ ਦਈਏ ਕਿ ਅਮਰਿੰਦਰ ਸਿੰਘ ਵੀਰਵਾਰ ਨੂੰ ਦਿੱਲੀ ਵਿੱਚ ਸਨ ਜਿੱਖੇ ਉਨ੍ਹਾਂ ਨੇ ਵੱਖ ਵੱਖ ਵਿਦੇਸ਼ੀ ਮਿਸ਼ਨਾਂ ਦੇ ਨੁਮਾਇੰਦਿਆਂ ਮੁਲਾਕਾਤ ਕੀਤੀ ਸੀ। ਉਨਾਂ ਨੇ ਨੁਮਾਇੰਦਿਆਂ ਨੂੰ ਸੂਬੇ 'ਚ ਨਿਵੇਸ਼ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਸੀ। ਦਿੱਲੀ ਵਿੱਚ ਹੋਣ ਕਾਰਨ ਅਮਰਿੰਦਰ ਸਿੰਘ ਬਟਾਲਾ ਨਹੀਂ ਪਹੁੰਚ ਸਕੇ ਸਨ। ਹਾਲਾਂਕਿ ਵੀਰਵਾਰ ਨੂੰ ਪੰਜਾਬ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਬਲਾਸਟ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਚਾਲ ਜਾਨਣ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦਾ ਦੌਰਾ ਕੀਤਾ ਸੀ।
ਉੱਥੇ ਹੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਵੀਰਵਾਰ ਨੂੰ ਬਟਾਲਾ ਪਹੁੰਚੇ ਸਨ ਤੇ ਉਨ੍ਹਾਂ ਨੇ ਪਟਾਕਾ ਫੈਕਟਰੀ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਸੀ। ਇਸ ਮੌਕੇ ਉਨ੍ਹਾਂ ਨਾਲ ਭਰਾ ਬੌਬੀ ਦਿਓਲ, ਸੂਬਾ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਅਦਾਕਾਰ ਦੀਪ ਸਿੱਧੂ, ਨਿੱਜੀ ਸਹਾਇਕ ਗੁਰਮੀਤ ਸਿੰਘ ਪਲਹੇੜੀ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ ਵੀ ਮੌਜੂਦ ਸਨ।
ਜ਼ਿਕਰਯੋਗ ਕਿ ਬੁੱਧਵਾਰ ਨੂੰ ਗੁਰਦਾਸਪੁਰ ਦੇ ਬਟਾਲਾ ਵਿੱਚ ਇੱਕ ਪਟਾਕਾ ਫ਼ੈਕਟਰੀ 'ਚ ਜ਼ਬਰਦਸਤ ਧਮਾਕਾ ਹੋਇਆ ਸੀ। ਇਸ ਹਾਦਸੇ 'ਚ 23 ਲੋਕਾਂ ਦੀ ਮੌਤਾਂ ਕਈ ਲੋਕ ਗ਼ੰਭੀਰ ਜ਼ਖ਼ਮੀ ਹੋਏ ਸਨ। ਇਹ ਧਮਾਕਾ ਬੁੱਧਵਾਰ ਸ਼ਾਮ 4 ਵਜੇ ਦੇ ਕਰੀਬ ਹੋਇਆ ਸੀ ਤੇ ਹਾਦਸੇ ਵਿੱਚ ਮਰਨ ਵਾਲਿਆਂ 'ਚ ਜ਼ਿਆਦਾਤਰ ਮਜ਼ਦੂਰ ਸਨ। ਦੀਵਾਲੀ ਦੀ ਆਮਦ ਨੂੰ ਲੈ ਕੇ ਇਸ ਫ਼ੈਕਟਰੀ 'ਚ ਗੈਰ ਕਨੂਨੀ ਤਰੀਕੇ ਨਾਲ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ। ਸਥਾਨਕ ਲੋਕਾਂ ਮੁਤਾਬਕ ਇਸ ਪਟਾਕਾ ਫ਼ੈਕਟਰੀ 'ਚ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਫ਼ੈਕਟਰੀ ਦੇ ਨਾਲ ਲੱਗਦੀਆਂ ਕਈ ਇਮਾਰਤਾਂ ਵੀ ਨੁਕਸਾਨੀਆਂ ਗਈਆਂ ਹਨ।