ਗੁਰਦਾਸਪੁਰ: ਕੰਪਿਊਟਰ ਅਧਿਆਪਕਾਂ ਨੇ ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੇ ਨਾਲ ਲਾਰੇ ਲੱਪੇ ਦੀ ਨੀਤੀ ਅਪਣਾ ਰਹੀ ਹੈ। ਇਸ ਦੇ ਰੋਸ ਵਜੋਂ 21 ਮਾਰਚ ਨੂੰ ਜਲੰਧਰ ਅਤੇ ਬਠਿੰਡਾ ਵਿਖੇ ਜ਼ੋਨ ਪੱਧਰ ਦੀਆਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ।
ਰੋਸ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਅੱਜ ਡਾਕਖਾਨੇ ਚੋਂ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਦੇ ਵਿੱਚ ਵੱਖ-ਵੱਖ ਬਲਾਕਾਂ ਦੇ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਸੇਵਾਵਾਂ ਪਿਕਟਸ ਸੁਸਾਇਟੀ ਵਿੱਚ 1 ਜੁਲਾਈ 2011 ਤੋਂ ਰੈਗੂਲਰ ਕੀਤੀਆਂ ਗਈਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਉੱਤੇ ਆਈ.ਆਰ ਲਾਗੂ ਨਹੀਂ ਕੀਤਾ।
ਹਰ ਕੰਪਿਊਟਰ ਫੈਕਲਟੀ ਦੀਆਂ ਬਕਾਇਆ ਰਾਸ਼ੀ ਲਗਪਗ 2 ਲੱਖ ਰੁਪਏ ਬਣਦੀ ਹੈ ਜੋ ਪਿਛਲੇ ਸਮੇਂ ਦੌਰਾਨ 70 ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਅਜੇ ਤੱਕ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਕੋਈ ਨੌਕਰੀ ਨਹੀਂ ਦਿੱਤੀ ਗਈ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸੂਬਾ ਸਰਕਾਰ ਬਿਨਾਂ ਕਿਸੇ ਸ਼ਰਤ ਤੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰੇ। ਜੇਕਰ ਅਜਿਹਾ ਨਹੀਂ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।