ਗੁਰਦਾਸਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਬਟਾਲਾ ਦੇ ਨਜ਼ਦੀਕੀ ਪਿੰਡ ਤਾਰਾਗੜ੍ਹ 'ਚ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਠੇਕਾ ਮੁਲਾਜ਼ਮਾਂ ਦਾ ਕਹਿਣਾ ਕਿ ਬੀਤੇ ਚਾਰ ਸਾਲਾਂ ਤੋਂ ਉਨ੍ਹਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕੇ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਗਏ ਸੀ, ਜੋ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਤੱਕ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜੋ ਵਾਰ-ਵਾਰ ਬਦਲਿਆ ਗਿਆ ਅਤੇ ਹੁਣ ਤੱਕ ਮੀਟਿੰਗ ਨਹੀਂ ਕੀਤੀ ਗਈ।
ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੀ ਇਸ ਬੇਰੁਖੀ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਫੈਸਲਾ ਕੀਤਾ ਗਿਆ ਸੀ ਕਿ ਜੋ ਵੀ ਕਾਂਗਰਸੀ ਮੰਤਰੀ ਫੀਲਡ 'ਚ ਦੇਖਿਆ ਜਾਵੇਗਾ, ਉਸਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਇਸ ਦੇ ਤਹਿਤ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਵੀ ਮੁਲਾਜ਼ਮ ਜਥੇਬੰਦੀ ਵਲੋਂ ਕਾਲੀਆਂ ਝੰਡੀਆਂ ਦਿਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਇਹ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:ਚੰਡੀਗੜ੍ਹ ਵੀਕੈਂਡ ਲੌਕਡਾਊਨ ਦੌਰਾਨ ਆਉਣ ਜਾਣ ਵਾਲਿਆਂ ਦੀ ਹੋ ਰਹੀ ਪੁੱਛ-ਪੜਤਾਲ