ਗੁਰਦਾਸਪੁਰ: ਖੇਤੀ ਬਿੱਲਾਂ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 25 ਸਿਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਸ਼ਹਿਰ ਬਟਾਲਾ ਵਿੱਚ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂਆਂ ਤੇ ਹੋਰਨਾਂ ਕਿਸਾਨਾਂ ਵੱਲੋਂ ਬਟਾਲਾ ਤੇ ਕਸਬਾ ਕਾਦੀਆ ਤੇ ਕਾਹਨੂੰਵਾਨ ਦੇ ਬਾਜਾਰਾਂ ਵਿੱਚ ਮਾਰਚ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਪੰਜਾਬ ਬੰਦ ਦਾ ਸਮਰਥਨ ਦੇਣ ਦੀ ਅਪੀਲ ਕੀਤੀ ਤੇ ਨਾਲ ਹੀ ਦੁਕਾਨਦਾਰਾਂ ਨੂੰ ਪੰਫਲੇਟ ਵੀ ਦਿੱਤੇ। ਉਸ 'ਤੇ 25 ਸਿਤੰਬਰ ਨੂੰ ਰੋਸ ਦੇ ਤੌਰ 'ਤੇ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਉੱਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਵੀ ਪਹਿਲਾਂ ਹੀ ਸਾਥ ਦੇਣ ਦਾ ਐਲਾਨ ਕਰ ਦਿੱਤਾ ਸੀ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਹੀ ਲੈਂਦੀ ਉਦੋਂ ਤੱਕ ਪ੍ਰਦਰਸ਼ਨ ਇੰਝ ਹੀ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨਾ ਨੇ ਕਿਹਾ ਕਿ ਉਹ ਦੂਜੇ ਵਰਗ ਦਾ ਸਮਰਥਨ ਇਸ ਲਈ ਲੈ ਰਹੇ ਹਨ ਕਿਉਂਕਿ ਕਿਸਾਨੀ ਨਾਲ ਹਰ ਕਾਰੋਬਾਰ ਜੁੜਿਆ ਹੋਇਆ ਹੈ। ਦੂਜੇ ਪਾਸੇ ਦੁਕਾਨਦਾਰਾਂ ਨੇ ਕਿਹਾ ਉਹ ਕਿਸਾਨਾਂ ਨੂੰ ਸਮਰਥਨ ਦੇਣ ਲਈ ਤਿਆਰ ਹਨ।