ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਢੰਗ ਨਾਲ ਸੰਘਰਸ਼ ਚਲ ਰਿਹਾ ਹੈ। ਇਨ੍ਹਾਂ ਹੀ ਨਹੀਂ ਇਨ੍ਹਾਂ ਜਥੇਬੰਦੀਆਂ ਤੋਂ ਇਲਾਵਾ ਕਿਸਾਨ ਆਪਣੇ-ਆਪਣੇ ਇਲਾਕਿਆਂ ਵਿੱਚ ਇਸ ਦੀ ਲੜਾਈ ਨੂੰ ਆਪਣੇ ਤੌਰ 'ਤੇ ਲੜ ਰਹੇ ਹਨ।
ਇਸੇ ਸੰਘਰਸ਼ ਦੇ ਅਧੀਨ ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਮੁੱਖ ਰਾਜ ਮਾਰਗ 'ਤੇ ਚੱਕਾ ਜਾਮ ਕਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਖਿਲਾਫ਼ ਆਵਾਜ ਬੁਲੰਦ ਕੀਤੀ ਜਾ ਰਹੀ ਹੈ।
ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਅਣਮਿੱਥੇ ਸਮੇਂ ਤੱਕ ਜਾਰੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਕਾਲੇ ਕਾਨੂੰਨ ਦੇ ਚਲਦੇ ਜਿੱਥੇ ਕਿਸਾਨ ਅਤੇ ਕਿਸਾਨੀ ਪ੍ਰਭਾਵਿਤ ਹੋਵੇਗੀ ਉੱਥੇ ਹੀ ਪੰਜਾਬ ਦਾ ਹਰ ਵਰਗ ਵੀ ਪ੍ਰਭਾਵਿਤ ਹੋਵੇਗਾ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੀਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਇਸ ਕਿਸਾਨ ਮਾਰੂ ਫ਼ੈਸਲੇ ਨੂੰ ਵਾਪਿਸ ਨਹੀਂ ਲੈਂਦੀ ਤੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।