ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਜਥੇਬਦੀਆਂ ਨੇ ਗੁਰਦਾਸਪੁਰ ਨੂੰ ਚੰਡੀਗੜ੍ਹ ਨਾਲ ਜੋੜਣ ਵਾਲੇ ਸ੍ਰੀ ਹਰਗੋਬਿੰਦਪੁਰ ਕਸਬਾ ਦੇ ਨੇੜੇ ਬਿਆਸ ਦਰਿਆ ਉੱਤੇ ਬਣੇ ਪੁੱਲ ਉੱਤੇ ਪਿਛਲੇ 3 ਦਿਨਾਂ ਤੋਂ ਜਾਮ ਕਰ ਪ੍ਰਦਰਸ਼ਨ ਕੀਤਾ ਸੀ ਅੱਜ ਤੀਜੇ ਦਿਨ ਇਸ ਧਰਨੇ ਨੂੰ ਖ਼ਤਮ ਕੀਤਾ ਗਿਆ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਕੰਨਾਂ ਉੱਤੇ ਜੂੰ ਨਹੀਂ ਸਿਰਕ ਰਹੀ। ਕੇਂਦਰ ਦੀ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਥਾਂ ਪਾਰਲੀਮੈਂਟ ਵਿੱਚ ਪਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਇਹ ਆਰਡੀਨੈਂਸ ਸਿੱਧੇ ਤੌਰ ਉੱਤੇ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਲਿਆਂਦੇ ਜਾ ਰਹੇ ਹਨ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਅਕਾਲੀ ਤੇ ਕਾਂਗਰਸ ਦੀ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇੱਕ ਪਾਸੇ ਤਾਂ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਇਨ੍ਹਾਂ ਆਰਡੀਨੈਂਸਾ ਦਾ ਵਿਰੋਧ ਕਰ ਰਹੇ ਤੇ ਦੂਜੇ ਪਾਸੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੈਬਿਨੇਟ ਦੀ ਬੈਠਕ ਵਿੱਚ ਇਨ੍ਹਾਂ ਆਰਡੀਨੈਂਸਾਂ ਨੂੰ ਮਨਜ਼ੂਰੀ ਦੇ ਕੇ ਇਸ ਨੂੰ ਪਾਸ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਚਾਹੀਦਾ ਹੈ ਕਿ ਉਹ ਆਪਣੀ ਵਜ਼ੀਰੀ ਨੂੰ ਛੱਡ ਪੰਜਾਬ ਵਿੱਚ ਆਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਜਿਵੇਂ ਇਨ੍ਹਾਂ ਆਰਡੀਨੈਂਸਾਂ ਉੱਤੇ ਬੋਲਣਾ ਚਾਹੀਦਾ ਉਵੇਂ ਨਹੀਂ ਬੋਲਿਆ।
ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਅੱਜ ਧਰਨੇ ਨੂੰ ਖ਼ਤਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 17 ਸਤੰਬਰ ਦੀ ਕੌਰ ਕਮੇਟੀ ਮੀਟਿੰਗ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਆਰ-ਪਾਰ ਦੀ ਲੜਾਈ ਬਣ ਗਈ ਹੈ ਤੇ ਹੁਣ ਇਨ੍ਹਾਂ ਆਰਡੀਨੈਂਸਾਂ ਰੱਦ ਕੀਤੇ ਬਿਨ੍ਹਾਂ ਸੰਘਰਸ਼ ਖ਼ਤਮ ਨਹੀਂ ਹੋਵੇਗਾ।
ਇਹ ਵੀ ਪੜ੍ਹੋ:ਧਰਮਸੋਤ ਦੀ ਬਰਖ਼ਾਸਤੀ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਸ਼ੁਰੂ ਕੀਤੀ 'ਦਲਿਤ ਵਿਦਿਆਰਥੀ ਭਵਿੱਖ ਬਚਾਓ ਯਾਤਰਾ'