ਗੁਰਦਾਸਪੁਰ: ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਚਿੱਠੀ ਲਿਖੀ ਗਈ। ਇਸ ਚਿੱਠੀ 'ਚ ਕੇਂਦਰ ਦਾ ਕਹਿਣਾ ਹੈ ਕਿ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਬੰਧੂਆਂ ਬਣਾ ਕੇ ਰੱਖਿਆ ਜਾ ਰਿਹਾ ਹੈ। ਕਿਸਾਨਾਂ ਵਲੋਂ ਉਨ੍ਹਾਂ ਮਜ਼ਦੂਰਾਂ ਦੇ ਪੈਸੇ ਨਾ ਦੇ ਕੇ ਉਨ੍ਹਾਂ ਨੂੰ ਨਸ਼ੇ ਦੇ ਆਦੀ ਬਣਾਇਆ ਜਾ ਰਿਹਾ ਹੈ।
ਕੇਂਦਰ ਵਲੋਂ ਲਿਖੀ ਇਸ ਚਿੱਠੀ ਦਾ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਵਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਲਗਾਈ ਬੈਠੇ ਹਨ ਅਤੇ ਕੇਂਦਰ ਉਸ ਅੰਦੋਲਨ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਕਿ ਅਜਿਹਾ ਕੁਝ ਵੀ ਨਹੀਂ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਬੰਧੂਆਂ ਬਣਾਇਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੋਂ ਕੰਮ ਕਰਵਾ ਕੇ ਉਨ੍ਹਾਂ ਦੀ ਬਣਦੀ ਮਿਹਨਤ ਦਿੱਤੀ ਜਾਂਦੀ ਹੈ।
ਇਸ ਸਬੰਧੀ ਪਿੰਡਾਂ 'ਚ ਕੰਮ ਕਰਨ ਆਏ ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਬੰਧੂਆਂ ਨਹੀਂ ਬਣਾਇਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਜਦੋਂ ਉਨ੍ਹਾਂ ਦਾ ਦਿਲ ਕਰੇ ਘਰ ਜਾਣ ਦਾ ਉਹ ਚਲੇ ਜਾਂਦੇ ਹਨ ਅਤੇ ਜਦੋਂ ਵਾਪਸ ਕੰਮ 'ਤੇ ਆਉਣ ਦਾ ਮਨ ਹੋਵੇ ਆ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਵਲੋਂ ਕੋਈ ਵੀ ਨਸ਼ੇ 'ਤੇ ਨਹੀਂ ਲਗਾਇਆ ਗਿਆ।
ਇਹ ਵੀ ਪੜ੍ਹੋ:ਮੁਖ਼ਤਾਰ ਨੂੰ ਲੈਣ ਲਈ ਰੋਪੜ ਦੇ ਲਈ ਪੁਲਿਸ ਰਵਾਨਾ, ਪੀਏਸੀ ਵੀ ਨਾਲ