ਗੁਰਦਾਸਪੁਰ: ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਨੂੰ ਕਾਮਯਾਬ ਕਰਨ ਲਈ ਬਟਾਲਾ ਪੁਲਿਸ ਵੱਲੋਂ ਜਿਥੇ ਜ਼ਿਲ੍ਹੇ ਵਿੱਚ ਦਿਨ ਰਾਤ ਨਾਕਾਬੰਦੀ ਕੀਤੀ ਗਈ ਹੈ, ਉੱਥੇ ਹੀ ਬਟਾਲਾ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵੱਖ-ਵੱਖ ਢੰਗ ਤਰੀਕਿਆਂ ਨਾਲ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਬਟਾਲਾ ਪੁਲਿਸ ਦੇ ਜਵਾਨਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਦੀ ਅਗਵਾਈ ਐੱਸ.ਪੀ.ਜਸਬੀਰ ਸਿੰਘ ਰਾਏ ਅਤੇ ਡੀ.ਐੱਸ.ਪੀ. ਮਾਧਵੀ ਸ਼ਰਮਾ ਨੇ ਕੀਤੀ।
ਜਾਗਰੂਕਤਾ ਰੈਲੀ ਦੌਰਾਨ ਪੁਲਿਸ ਜਵਾਨਾਂ ਨੇ ਹੱਥਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਣ ਦੇ ਵੱਖ-ਵੱਖ ਸੰਦੇਸ਼ ਦੀ ਤਖਤੀਆਂ ਫੜੀਆਂ ਹੋਈਆਂ ਸਨ ਤੇ ਇਹ ਜਾਗਰੂਕਤਾ ਰੈਲੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਰਾਹੀਂ ਕੋਰੋਨਾ ਤੋਂ ਬਚਣ ਦਾ ਹੌਕਾ ਦਿੰਦੀ ਹੋਈ ਲੰਘੀ। ਐੱਸ.ਪੀ. ਜਸਬੀਰ ਸਿੰਘ ਰਾਏ ਨੇ ਦੱਸਿਆ ਕਿ ਇਲਾਜ ਨਾਲੋਂ ਹਮੇਸ਼ਾਂ ਪਰਹੇਜ਼ ਚੰਗਾ ਹੁੰਦਾ ਹੈ ਤੇ ਲੋਕਾਂ ਨੂੰ ਵੀ ਕੋਰੋਨਾ ਤੋਂ ਬਚਣ ਦਾ ਪਰਹੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਜੇਕਰ ਲੋਕ ਘਰਾਂ 'ਚ ਰਹਿਣ ਤੇ ਡਾਕਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਮੰਨਣ ਤਾਂ ਉਹ ਆਪਣੇ ਆਪ ਨੂੰ ਆਸਾਨੀ ਨਾਲ ਬਚਾ ਸਕਦੇ ਹਨ।